Paddy Season in Punjab: ਝੋਨੇ ਦੀ ਲੁਆਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਐਤਕੀਂ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਕੀਤੇ ਜਾਣ ਦੇ ਫ਼ੈਸਲੇ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਚੁਣੌਤੀ ਦਿੱਤੀ ਗਈ ਹੈ। ਐਡਵੋਕੇਟ ਐਚਸੀ ਅਰੋੜਾ ਨੇ ਕੌਮੀ ਟ੍ਰਿਬਿਊਨਲ ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਖੇਤੀ ਮਾਹਿਰ, ਵਾਤਾਵਰਨ ਪ੍ਰੇਮੀਆਂ ਤੇ ਅਰਥਸ਼ਾਸਤਰੀਆਂ ਵੱਲੋਂ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਸੀ। ਕੁਝ ਕਿਸਾਨ ਯੂਨੀਅਨਾਂ ਨੇ ਵੀ ਫ਼ੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਧਿਰਾਂ ਦਾ ਵੱਡਾ ਫ਼ਿਕਰ ਜ਼ਮੀਨੀ ਪਾਣੀ ਦਾ ਡਿੱਗ ਰਿਹਾ ਪੱਧਰ ਹੈ।

ਦਰਅਸਲ ਪਿਛਲੇ ਵਰ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਸ਼ੁਰੂ ਹੁੰਦੀ ਰਹੀ ਹੈ ਪਰ ਇਸ ਵਾਰ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਐਡਵੋਕੇਟ ਅਰੋੜਾ ਨੇ ਪਟੀਸ਼ਨ ਵਿੱਚ ਮੰਗ ਕੀਤੀ ਕਿ ਮੁੱਖ ਮੰਤਰੀ ਵੱਲੋਂ ਕੁਝ ਦਿਨ ਪਹਿਲਾਂ ਇਸ ਬਾਰੇ ਲਏ ਫ਼ੈਸਲੇ ਨੂੰ ਲਾਗੂ ਕਰਨ ਦੇ ਖ਼ਿਲਾਫ਼ ਸਰਕਾਰ ਨੂੰ ਨਿਰਦੇਸ਼ ਕੀਤੇ ਜਾਣ। ਆਉਂਦੇ ਦਿਨਾਂ ਵਿੱਚ ਟ੍ਰਿਬਿਊਨਲ ਸਰਕਾਰ ਨੂੰ ਨੋਟਿਸ ਜਾਰੀ ਕਰ ਸਕਦਾ ਹੈ। 

ਕਿਸਾਨ ਲੀਡਰਾਂ ਦਾ ਵੀ ਕਹਿਣਾ ਹੈ ਕਿ ਝੋਨੇ ਦੀ ਅਗੇਤੀ ਬਿਜਾਈ ਜ਼ਮੀਨੀ ਪਾਣੀ ਦੇ ਪੱਧਰ ਲਈ ਮਾਰੂ ਸਾਬਤ ਹੋਵੇਗੀ ਤੇ ਜਲ ਭੰਡਾਰ ਵੀ ਸੁੱਕ ਜਾਵੇਗਾ। ਕਿਸਾਨ ਯੂਨੀਅਨਾਂ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਘੱਟੋ-ਘੱਟ 10 ਜੂਨ ਤੱਕ ਉਡੀਕ ਕਰਨ ਲਈ ਕਹਿਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸਮੇਂ ਦੀ ਲੋੜ ਖੇਤੀਬਾੜੀ ਵਿਭਿੰਨਤਾ ਲਈ ਨੀਤੀ ਬਣਾਉਣ ਦੀ ਹੈ, ਤਾਂ ਜੋ ਕਿਸਾਨਾਂ ਨੂੰ ਪਾਣੀ ਦੀ ਖਪਤ ਕਰਨ ਵਾਲੇ ਝੋਨੇ ਤੋਂ ਦੂਰ ਰੱਖਿਆ ਜਾ ਸਕੇ।

ਕਿਸਾਨਾਂ ਨੂੰ ਨਮੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਜਾਵੇਗਾ ਬਚਾਇਆਸੂਬੇ ਵਿੱਚ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੀ ਬਿਜਾਈ ਦੇ ਸੀਜ਼ਨ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕੇਂਦਰ ਦੀ ਨਮੀ ਦੀ ਸ਼ਰਤ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਦਾ ਤਰਕ ਹੈ ਕਿ ਸੂਬੇ ਦੇ ਉਹ ਖੇਤਰ ਜਿੱਥੇ ਝੋਨੇ ਦੀ ਲੁਆਈ 1 ਜੂਨ ਤੋਂ ਸ਼ੁਰੂ ਹੋਵੇਗੀ, 15-20 ਸਤੰਬਰ ਤੱਕ ਵਾਢੀ ਲਈ ਤਿਆਰ ਹੋ ਜਾਣਗੇ। 15 ਤੋਂ 20 ਸਤੰਬਰ ਦੇ ਵਿਚਕਾਰ ਫਸਲ ਤਿਆਰ ਹੋਣ ਕਾਰਨ, ਕਿਸਾਨਾਂ ਨੂੰ ਨਮੀ ਦੇ ਨਿਸ਼ਚਿਤ ਮਾਪਦੰਡ ਨੂੰ ਪੂਰਾ ਕਰਨ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਤਿੰਨ ਜ਼ੋਨਾਂ ਵਿੱਚ ਹੋਵੇਗੀ ਝੋਨੇ ਦੀ ਲਵਾਈ

1 ਜੂਨ : ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ

5 ਜੂਨ : ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਮੁਹਾਲੀ, ਸ੍ਰੀ ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ

9 ਜੂਨ : ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਤੇ ਨਵਾਸ਼ਹਿਰ