Punjab News: ਪੰਜਾਬ ਦੇ ਕਿਸਾਨਾਂ ਦੇ ਨਾਂ 'ਤੇ ਵੱਡੀ ਲੁੱਟ ਹੋਈ ਹੈ। ਕਿਸਾਨਾਂ ਕੋਲ 11 ਹਜ਼ਾਰ ਮਸ਼ੀਨਾਂ ਪਹੁੰਚੀਆਂ ਹੀ ਨਹੀਂ ਪਰ ਜਾਅਲੀ ਬਿੱਲ ਬਣਾ ਕੇ ਸਬਸਿਡੀ ਡਾਕਾਰ ਲਈ ਗਈ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਕੇਂਦਰ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਦੀਆਂ ਟੀਮਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਕੇਂਦਰੀ ਸਬਸਿਡੀ ਨਾਲ ਖ਼ਰੀਦੀ ਮਸ਼ੀਨਰੀ ਤੇ ਸੰਦਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ। ਇਹ ਜਾਂਚ ਹੁਣ ਆਖਰੀ ਪੜਾਅ ’ਤੇ ਪੁੱਜ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕੇਂਦਰੀ ਏਜੰਸੀਆਂ ਹੱਥ ਕਈ ਸਬੂਤ ਲੱਗੇ ਹਨ।



ਦਰਅਸਲ ਪਿਛਲੇ ਵਰ੍ਹਿਆਂ ਵਿਚ ਪੰਜਾਬ ਵਿੱਚ ਕਰੀਬ 140 ਕਰੋੜ ਰੁਪਏ ਦੀ ਮਸ਼ੀਨਰੀ ਦੀ ਗੜਬੜ ਹੋਈ ਸੀ। ਸੂਤਰਾਂ ਮੁਤਾਬਕ ਕਰੀਬ 11 ਹਜ਼ਾਰ ਮਸ਼ੀਨਾਂ ਕਿਸਾਨਾਂ ਕੋਲ ਪੁੱਜੀਆਂ ਹੀ ਨਹੀਂ ਤੇ ਜਾਅਲੀ ਬਿੱਲ ਬਣਾ ਕੇ ਸਬਸਿਡੀ ਡਾਕਾਰ ਲਈ ਗਈ ਸੀ। ਕੇਂਦਰ ਸਰਕਾਰ ਨੇ ਇਸ ਗੜਬੜੀ ਦਾ ਸਖ਼ਤ ਨੋਟਿਸ ਲਿਆ ਸੀ। ਇਸ ਦਾ ਜਾਂਚ ਚੱਲ ਰਹੀ ਹੈ।


ਕੇਂਦਰੀ ਟੀਮਾਂ ਨੇ ਪੰਜਾਬ ਤੇ ਹਰਿਆਣਾ ਵਿਚ 25 ਅਕਤੂਬਰ ਤੋਂ ਸਾਲ 2022-2023 ਤੇ 2023-24 ਦੌਰਾਨ ਖ਼ਰੀਦ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਸ਼ੁਰੂ ਕੀਤੀ ਹੋਈ ਹੈ ਜਿਸ ਦਾ ਕਰੀਬ 90 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਪੰਜਾਬ ਦੇ ਦਰਜਨ ਜ਼ਿਲ੍ਹਿਆਂ ’ਚ 16 ਕੇਂਦਰੀ ਟੀਮਾਂ ਪੜਤਾਲ ਕਰ ਰਹੀਆਂ ਹਨ। ਹਰ ਟੀਮ ਵੱਲੋਂ ਤੀਹ-ਤੀਹ ਲਾਭਪਾਤਰੀਆਂ ਤੱਕ ਪਹੁੰਚ ਕਰਕੇ ਪਰਾਲੀ ਪ੍ਰਬੰਧਨ ਲਈ ਖ਼ਰੀਦੀ ਮਸ਼ੀਨਰੀ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਕੇਂਦਰੀ ਟੀਮਾਂ ਵੱਲੋਂ ਹਰਿਆਣਾ ਵਿਚ ਪੜਤਾਲ ਕੀਤੀ ਜਾ ਰਹੀ ਹੈ।



ਕੇਂਦਰੀ ਟੀਮਾਂ ਦੇ ਅਧਿਕਾਰੀ ਅਚਨਚੇਤ ਪਿੰਡਾਂ ਵਿਚ ਪੁੱਜਦੇ ਹਨ ਤੇ ਉਦੋਂ ਹੀ ਖੇਤੀ ਮਹਿਕਮੇ ਦੇ ਸਥਾਨਕ ਅਧਿਕਾਰੀਆਂ ਨੂੰ ਭਿਣਕ ਲੱਗਦੀ ਹੈ। ਟੀਮਾਂ ਦੇ ਅਧਿਕਾਰੀ ਜਾਂਚ ਕਰ ਰਹੇ ਹਨ ਕਿ ਕੀ ਕਿਸਾਨਾਂ ਕੋਲ ਪਰਾਲੀ ਪ੍ਰਬੰਧਨ ਵਾਸਤੇ ਮਸ਼ੀਨਰੀ ਪੁੱਜ ਗਈ ਹੈ ਤੇ ਮਸ਼ੀਨਰੀ ਦੀ ਕੁਆਲਿਟੀ ਤੋਂ ਕੀ ਲਾਭਪਾਤਰੀ ਸੰਤੁਸ਼ਟ ਹਨ। ਕੀ ਮਸ਼ੀਨਰੀ ਨੂੰ ਪਰਾਲੀ ਪ੍ਰਬੰਧਨ ਲਈ ਅਮਲ ਵਿਚ ਲਿਆਂਦਾ ਗਿਆ ਹੈ ਤੇ ਕੀ ਡੀਲਰਾਂ ਵੱਲੋਂ ਕਿਸਾਨ ਨੂੰ ਸਰਵਿਸ ਠੀਕ ਦਿੱਤੀ ਗਈ ਹੈ। ਬਠਿੰਡਾ, ਮੁਕਤਸਰ, ਫ਼ਿਰੋਜ਼ਪੁਰ ਤੇ ਮੋਗਾ ਵਿੱਚ ਦੋ-ਦੋ ਕੇਂਦਰੀ ਟੀਮਾਂ ਤਾਇਨਾਤ ਹਨ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਇੱਕ-ਇੱਕ ਟੀਮ ਜਾਂਚ ਕਰ ਰਹੀ ਹੈ।



ਬੇਸ਼ੱਕ ਇਨ੍ਹਾਂ ਟੀਮਾਂ ਨੇ 10 ਨਵੰਬਰ ਤੱਕ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਦੇਣੀ ਸੀ ਪਰ ਟੀਮਾਂ ਨੇ ਕਰੀਬ ਦਸ ਦਿਨ ਪੱਛੜ ਕੇ ਛਾਣਬੀਣ ਦਾ ਕੰਮ ਸ਼ੁਰੂ ਕੀਤਾ ਹੈ। ਇਨ੍ਹਾਂ ਟੀਮਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਕੇਂਦਰੀ ਸਬਸਿਡੀ ਨਾਲ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਬੇਲਰ ਤੇ ਜ਼ੀਰੋ ਡਰਿੱਲ ਆਦਿ ਮਿਲੇ ਹਨ। ਕੇਂਦਰ ਸਰਕਾਰ ਨੇ ਸਾਲ 2023-24 ਲਈ ਕਰੀਬ 350 ਕਰੋੜ ਰੁਪਏ ਦੀ ਸਬਸਿਡੀ ਹਾਲੇ ਜਾਰੀ ਕਰਨੀ ਹੈ ਜਦਕਿ ਮਸ਼ੀਨਰੀ ਦੀ ਖ਼ਰੀਦ ਹੋ ਚੁੱਕੀ ਹੈ।


ਕੇਂਦਰੀ ਟੀਮਾਂ ਦੀ ਰਿਪੋਰਟ ਵਿਚ ਮਸ਼ੀਨਰੀ ਦੀ ਖ਼ਰੀਦ ਵਿਚ ਸਭ ਠੀਕ-ਠਾਕ ਪਾਇਆ ਗਿਆ ਤਾਂ ਉਸ ਪਿੱਛੋਂ ਹੀ ਕੇਂਦਰ ਸਰਕਾਰ ਸਬਸਿਡੀ ਜਾਰੀ ਕਰੇਗੀ। ਇਸ ਤੋਂ ਪਹਿਲਾਂ ਸਾਲ 2018-19 ਤੋਂ 2021-22 ਦੌਰਾਨ ਕੇਂਦਰ ਨੇ ਪੰਜਾਬ ਨੂੰ ਖੇਤੀ ਮਸ਼ੀਨਰੀ ਵਾਸਤੇ 1178 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਸੀ। ਇਸ ਨਾਲ ਕਰੀਬ 90 ਹਜ਼ਾਰ ਮਸ਼ੀਨਰੀ ਖ਼ਰੀਦ ਕੀਤੀ ਗਈ ਹੈ। ਰੌਲਾ ਪੈਣ ਮਗਰੋਂ ਪੰਜਾਬ ਸਰਕਾਰ ਨੇ ਜਦੋਂ ਇਸ ਮਸ਼ੀਨਰੀ ਦਾ ਆਡਿਟ ਕਰਾਇਆ ਤਾਂ 140 ਕਰੋੜ ਦੀ ਮਸ਼ੀਨਰੀ ਦਾ ਘਪਲਾ ਸਾਹਮਣੇ ਆਇਆ ਸੀ।