ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਗ੍ਰਿਫਤਾਰੀ ਨੇ ਪੰਜਾਬ ਚ ਹਲਚਲ ਮਚਾਈ ਹੋਈ ਹੈ। ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਨੇ ਰੂਪਨਗਰ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਨਿਲੰਬਿਤ ਕਰ ਦਿੱਤਾ ਹੈ। ਸੀ.ਬੀ.ਆਈ. ਨੇ 16 ਅਕਤੂਬਰ 2025 ਨੂੰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਨਿਰੋਧਕ ਕਾਨੂੰਨ (PC Act, 1988) ਦੀਆਂ ਧਾਰਾਵਾਂ 7 ਅਤੇ 7A ਤਹਿਤ ਗ੍ਰਿਫ਼ਤਾਰ ਕੀਤਾ ਸੀ।
ਸਸਪੈਂਡ ਕਰਨ ਨੂੰ ਲੈ ਕੇ ਜਾਰੀ ਕੀਤੇ ਹੁਕਮ
ਗ੍ਰਿਫ਼ਤਾਰੀ ਤੋਂ ਬਾਅਦ ਹਰਚਰਨ ਸਿੰਘ ਭੁੱਲਰ 48 ਘੰਟਿਆਂ ਤੋਂ ਵੱਧ ਸਮੇਂ ਲਈ ਹਿਰਾਸਤ ਵਿੱਚ ਰਹੇ। ਨਿਯਮਾਂ ਅਨੁਸਾਰ, ਜੇ ਕੋਈ ਅਧਿਕਾਰੀ 48 ਘੰਟਿਆਂ ਤੋਂ ਵੱਧ ਸਰਕਾਰੀ ਹਿਰਾਸਤ ਵਿੱਚ ਰਹੇ, ਤਾਂ ਉਸਨੂੰ ਆਪਣੇ ਆਪ ਨਿਲੰਬਿਤ ਮੰਨਿਆ ਜਾਂਦਾ ਹੈ। ਇਸੇ ਨਿਯਮ ਦੇ ਤਹਿਤ ਸਰਕਾਰ ਨੇ ਹਰਚਰਨ ਸਿੰਘ ਭੁੱਲਰ ਨੂੰ 16 ਅਕਤੂਬਰ 2025 ਤੋਂ ਨਿਲੰਬਿਤ ਘੋਸ਼ਿਤ ਕੀਤਾ ਹੈ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਸਕੱਤਰ ਆਲੋਕ ਸ਼ੇਖਰ (IAS) ਵੱਲੋਂ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਰੂਪਨਗਰ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ ਵੀਰਵਾਰ ਯਾਨੀਕਿ 16 ਅਕਤੂਬਰ ਨੂੰ CBI ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਸ਼ੁਕਰਵਾਰ ਯਾਨੀਕਿ 17 ਅਕਤੂਬਰ ਨੂੰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਨਾਲ ਜੁੜੇ ਵਿਚੋਲਿਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਡੀ.ਆਈ.ਜੀ. ਭੁੱਲਰ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਵਿਚੋਲਿਆਂ ਰਾਹੀਂ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਦੋਸ਼ ਲਗਾਇਆ ਗਿਆ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ‘ਚ ਉਨ੍ਹਾਂ ਨੇ ਸਕ੍ਰੈਪ ਡੀਲਰ ਨੂੰ ਝੂਠੇ ਕੇਸ ‘ਚ ਫਸਾਉਣ ਦੀ ਧਮਕੀ ਦਿੱਤੀ ਸੀ।
ਸ਼ਿਕਾਇਤ ਮਿਲਣ ਤੋਂ ਬਾਅਦ ਸੀ.ਬੀ.ਆਈ. ਨੇ ਜਾਲ ਵਿਛਾ ਕੇ DIG ਭੁੱਲਰ ਨੂੰ ਗ੍ਰਿਫ਼ਤਾਰ ਕੀਤਾ। ਦਿੱਲੀ ਅਤੇ ਚੰਡੀਗੜ੍ਹ ਤੋਂ ਆਈ 52 ਮੈਂਬਰੀ ਸੀ.ਬੀ.ਆਈ. ਟੀਮ ਨੇ ਉਨ੍ਹਾਂ ਦੇ ਮੋਹਾਲੀ ਦਫ਼ਤਰ ਅਤੇ ਚੰਡੀਗੜ੍ਹ ਸੈਕਟਰ-40 ਸਥਿਤ ਘਰ ਦੀ ਤਲਾਸ਼ੀ ਲਈ। ਇਸ ਦੌਰਾਨ ਡੀ.ਆਈ.ਜੀ. ਦੇ ਘਰ ਤੋਂ 7 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ, ਜੋ ਤਿੰਨ ਬੈਗਾਂ ਅਤੇ ਦੋ ਬ੍ਰੀਫਕੇਸਾਂ ਵਿੱਚ ਭਰੀ ਹੋਈ ਸੀ। ਅਧਿਕਾਰੀਆਂ ਨੂੰ ਕੈਸ਼ ਕਾਊਂਟ ਕਰਨ ਵਾਲੀਆਂ ਮਸ਼ੀਨਾਂ ਮੰਗਵਾਉਣੀਆਂ ਪਈਆਂ। ਇਸ ਤੋਂ ਇਲਾਵਾ, ਉਨ੍ਹਾਂ ਦੇ ਘਰ ਤੋਂ 1.5 ਕਿਲੋ ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਇੱਕ ਰਿਵਾਲਵਰ ਵੀ ਬਰਾਮਦ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।