Punjab News: ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਮਿਲ ਕੇ ‘ਫਿਕਸ ਮੈਚ’ ਖੇਡਿਆ, ਹੁਣ ‘ਆਪ’ ਦਾ ਗੁਬਾਰਾ ਫਟ ਗਿਆ: ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਗੁਜਰਾਤ ਵਿੱਚ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਨੇ ‘ਫਿਕਸ ਮੈਚ’ ਖੇਡਿਆ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਇਸ ਗੱਲ
Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਗੁਜਰਾਤ ਵਿੱਚ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਨੇ ‘ਫਿਕਸ ਮੈਚ’ ਖੇਡਿਆ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਸੀ ਕਿ ‘ਆਪ’ ਗੁਜਰਾਤ ਵਿੱਚ ਭਾਜਪਾ ਦੀ ਮਦਦ ਕਰ ਰਹੀ ਸੀ ਤੇ ਹੁਣ ਇਹ ਗੱਲ ਸਾਹਮਣੇ ਆ ਗਈ ਹੈ।
ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ‘ਆਪ’ ਦਾ ਕੋਈ ਆਧਾਰ ਨਹੀਂ ਹੈ ਤੇ ਕਾਂਗਰਸ ਨੇ ਆਸਾਨੀ ਨਾਲ ਭਾਜਪਾ ਨੂੰ ਖੁੱਡੇ ਲਾਈਨ ਲਾ ਦਿੱਤਾ ਹੈ। ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੂਰੇ ਦੇਸ਼ ਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਉਂਜ ਇਨ੍ਹਾਂ ਨਤੀਜਿਆਂ ਵਿੱਚ ਇੱਕ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ‘ਆਪ’ ਦਾ ਗੁਬਾਰਾ ਫਟ ਗਿਆ ਹੈ।
Happy to witness huge excitement amongst congress workers after the victory of @INCHimachal.@BJP4India tried its best to propagate their politics of Hate but people have given their verdict. B-Team @AamAadmiParty tried & failed. People want this country united. #BharatJodoYarta pic.twitter.com/2TGWMXS7sc
— Amarinder Singh Raja Warring (@RajaBrar_INC) December 8, 2022
ਉਧਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ‘ਦਿੱਲੀ ਤੇ ਪੰਜਾਬ ਦੇ ਸ਼ਾਸਨ ਦੇ ਮਾਡਲਾਂ’ ਨੂੰ ਵੇਚਣ ਵਿੱਚ ਅਸਫ਼ਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਲਈ ਸਮਾਂ ਆ ਗਿਆ ਹੈ ਕਿ ਉਹ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਊਰਜਾ ਤੇ ਹੁਨਰ ਕੇਂਦਰਿਤ ਕਰਨ।
ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਪੱਛਮੀ ਰਾਜ ਤੇ ਪਹਾੜੀ ਰਾਜ ਦੇ ਵੋਟਰਾਂ ਨੂੰ ਦਿੱਲੀ ਤੇ ਪੰਜਾਬ ਮਾਡਲਾਂ ਨੂੰ ਵੇਚਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਨੇ ‘ਆਪ’ ਆਗੂਆਂ ਦੁਆਰਾ ਕੀਤੇ ਜਾ ਰਹੇ ਝੂਠੇ ਪ੍ਰਚਾਰ ਤੋਂ ਗੁਮਰਾਹ ਹੋਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ, ‘‘ਗੁਜਰਾਤ ਤੇ ਹਿਮਾਚਲ ਵਾਸੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਮੁਫ਼ਤ ਦਾ ਐਲਾਨ ਕਰਨਾ ਤੇ ਵੋਟਰਾਂ ਨੂੰ ਮੁਫ਼ਤ ਸੇਵਾਵਾਂ ਦਾ ਵਾਅਦਾ ਕਰਨਾ ਹਮੇਸ਼ਾ ਮਦਦ ਨਹੀਂ ਕਰਦਾ। ’’