Paddy Procurement: ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਡਿਪਟੀ ਕਮਿਸ਼ਨਰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦਾ ਨਰੀਖਣ ਕਰਨ ਤੇ ਰਿਪੋਰਟ ਤਿਆਰ ਕਰਕੇ ਭੇਜਣ। 



ਦਰਅਸਲ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੀਖਣ ਕਰਨ ਦੇ ਹੁਕਮ ਦਿੱਤੇ ਹਨ। ਸੀਐਮ ਭਗਵੰਤ ਮਾਨ ਨੇ ਹੁਕਮ ਜਾਰੀ ਕੀਤਾ ਹੈ ਕਿ ਡਿਪਟੀ ਕਮਿਸ਼ਨਰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦਾ ਨਰੀਖਣ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਾਨਾ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪਣੀ ਪਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।




ਦੱਸ ਦਈਏ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਖੁਦ ਗੰਭੀਰ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਕਮਿਸ਼ਨ ਏਜੰਟਾਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਈ ਸੀ। ਇਸ ਤੋਂ ਬਾਅਦ ਆੜ੍ਹਤੀਆਂ ਨੇ ਉਨ੍ਹਾਂ ਦੀ ਗੱਲ ਮੰਨ ਲਈ ਤੇ ਫਸਲਾਂ ਦੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਨਾਲ ਹੀ ਜਲੰਧਰ ਜਾ ਕੇ ਮੁੱਖ ਮੰਤਰੀ ਨੇ ਖੁਦ ਫਸਲਾਂ ਦੀ ਖਰੀਦ ਦਾ ਜਾਇਜ਼ਾ ਲਿਆ।