ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਨਸੀਹਤ ਦਿੱਤੀ ਹੈ ਕਿ ਬਾਹਲੇ ਤੱਤੇ ਨਾ ਚੱਲੋ। ਨਿੱਤ ਨਵੇਂ ਵਿਵਾਦ ਮਗਰੋਂ ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਲੋਕਾਂ ਨਾਲ ਸੰਜਮ ਨਾਲ ਪੇਸ਼ ਆਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਦੱਸ ਦਈਏ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਰਿਹਾਇਸ਼ ਵਿਖੇ ਸੂਬੇ ਦੇ ਸਾਰੇ ‘ਆਪ’ ਵਿਧਾਇਕਾਂ ਨਾਲ ਮੀਟਿੰਗ ਕੀਤੀ। ਸਿਹਤ ਮੰਤਰੀ ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਵਰ ਵਿਚਾਲੇ ਛਿੜੇ ਵਿਵਾਦ ਮਗਰੋਂ ਇਹ ਮੀਟਿੰਗ ਕਾਫੀ ਅਹਿਮ ਸੀ।
ਮੁੱਖ ਮੰਤਰੀ ਮਾਨ ਨੇ ਸਾਰੇ ਵਿਧਾਇਕਾਂ ਨੂੰ ਸਕੂਲਾਂ, ਹਸਪਤਾਲਾਂ ਜਾਂ ਸਰਕਾਰੀ ਦਫ਼ਤਰਾਂ ਵਿੱਚ ਛਾਪੇ ਮਾਰਨੇ ਬੰਦ ਕਰਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਲੋਕਾਂ ਨਾਲ ਸੰਜਮ ਨਾਲ ਪੇਸ਼ ਆਉਣ ਦੀ ਨਸੀਹਤ ਵੀ ਦਿੱਤੀ। ਮੁੱਖ ਮੰਤਰੀ ਨੇ ਵਿਧਾਇਕਾਂ ਕੋਲੋਂ ਵਿਧਾਨ ਸਭਾ ਹਲਕਿਆਂ ’ਚ ਦਰਪੇਸ਼ ਸਮੱਸਿਆਵਾਂ ਬਾਰੇ ਫੀਡਬੈੱਕ ਹਾਸਲ ਕਰਨ ਲਈ 77 ਵਿਧਾਇਕਾਂ ਨੂੰ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਸੱਦਿਆ ਸੀ, ਜਿਸ ਤਹਿਤ ਉਨ੍ਹਾਂ ਤਿੰਨ ਪੜਾਵਾਂ ਵਿੱਚ ਮੀਟਿੰਗ ਕਰ ਕੇ ਵਿਧਾਇਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਨਵੀਆਂ ਸਕੀਮਾਂ ਬਾਰੇ ਵੀ ਚਰਚਾ ਕੀਤੀ ਤੇ ਇਨ੍ਹਾਂ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਉਨ੍ਹਾਂ ਦੇ ਸੁਝਾਅ ਮੰਗੇ। ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਟਿਆਲਾ-ਸਰਹੰਦ ਰੋਡ ਨੂੰ ਚਹੁੰ-ਮਾਰਗੀ ਕਰਨ ਦੀ ਮੰਗ ਕੀਤੀ।
ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਸ਼ਹਿਰ ਵਿੱਚੋਂ ਪਾਰਕਿੰਗ ਸਮੱਸਿਆ ਦੇ ਨਿਪਟਾਰੇ, ਪਟਿਆਲਾ ਦਿਹਾਤੀ ਤੋਂ ਡਾ. ਬਲਵੀਰ ਸਿੰਘ ਨੇ ਸਰੀਰਕ ਸਿੱਖਿਆ ਕਾਲਜ ਨੂੰ ਅਪਗਰੇਡ ਕਰਨ ਤੇ ਬੱਸੀ ਪਠਾਣਾਂ ਤੋਂ ਵਿਧਾਇਕ ਨੇ ਸ਼ਹਿਰ ਨੂੰ ਇੰਡਸਟਰੀ ਹੱਬ ਵਜੋਂ ਵਿਕਸਤ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਹੋਰਨਾਂ ਵਿਧਾਇਕਾਂ ਨੇ ਆਪੋ-ਆਪਣੇ ਹਲਕੇ ਦੀਆਂ ਸਮੱਸਿਆਵਾਂ ਮੁੱਖ ਮੰਤਰੀ ਨੂੰ ਦੱਸੀਆਂ।