Punjab News: ਸੀਐਮ ਭਗਵੰਤ ਮਾਨ ਵੱਲੋਂ ਐਡਹਾਕ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ
CM Bhagwant Mann: ਮੁੱਖ ਮੰਤਰੀ ਨੇ ਇਕ ਟਵੀਟ ਵਿੱਚ ਦੂਜੇ ਪੜਾਅ ’ਚ ਛੇ ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਬਾਰੇ ਜਲਦੀ ਵੇਰਵੇ ਨਸ਼ਰ ਕਰਨ ਦੀ ਗੱਲ ਆਖੀ ਹੈ।
Punjab News: ਪੰਜਾਬ ਦੇ ਕਰੀਬ ਛੇ ਹਜ਼ਾਰ ਕੱਚੇ (ਐਡਹਾਕ) ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਇਕ ਟਵੀਟ ਵਿੱਚ ਦੂਜੇ ਪੜਾਅ ’ਚ ਛੇ ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਬਾਰੇ ਜਲਦੀ ਵੇਰਵੇ ਨਸ਼ਰ ਕਰਨ ਦੀ ਗੱਲ ਆਖੀ ਹੈ। ਪਤਾ ਲੱਗਾ ਹੈ ਕਿ ਕੇਂਦਰੀ ਸਕੀਮਾਂ ਅਤੇ ਸਿੱਖਿਆ ਮਹਿਕਮੇ ਦੇ ਕੱਚੇ ਕਾਮਿਆਂ ਨੂੰ ਇਸ ਗੇੜ ਵਿੱਚ ਰੈਗੂਲਰ ਕੀਤਾ ਜਾਣਾ ਹੈ।
ਪਹਿਲੇ ਪੜਾਅ ਵਿੱਚ ਸਿੱਖਿਆ ਵਿਭਾਗ ਦੇ ਕਰੀਬ 8700 ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਸੀ। ਦੂਜੇ ਪੜਾਅ ਵਿੱਚ ਛੇ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਨਾਲ ‘ਆਪ’ ਸਰਕਾਰ ਦੇ ਕਾਰਜਕਾਲ ਦੇ ਪਹਿਲੇ ਵਰ੍ਹੇ ਵਿਚ ਕਰੀਬ 14,700 ਮੁਲਾਜ਼ਮਾਂ ਰੈਗੂਲਰ ਹੋ ਜਾਣਗੇ। ਵੇਰਵਿਆਂ ਅਨੁਸਾਰ ਦੂਸਰੇ ਵਰ੍ਹੇ ’ਚ ਵੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਟੀਚਾ ਮਿਥਿਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਹ ਸੂਚਨਾ ਸਾਂਝੀ ਕੀਤੀ ਹੈ ਕਿ ਛੇ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਦੀ ਵਿਸਥਾਰਤ ਸੂਚਨਾ ਸਾਂਝੀ ਕੀਤੀ ਜਾਵੇਗੀ।
ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ...ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ 'ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ
— Bhagwant Mann (@BhagwantMann) January 13, 2023
ਹਾਸਲ ਜਾਣਕਾਰੀ ਅਨੁਸਾਰ ਇਸ ਦੂਸਰੇ ਗੇੜ ’ਚ ਐਜੂਕੇਸ਼ਨਲ ਵਲੰਟੀਅਰਜ਼ ਤੇ ਮੋਟੀਵੇਟਰ ਵੀ ਸ਼ਾਮਲ ਹਨ। ਪੰਜਾਬ ਵਿਚ ਕਰੀਬ 36 ਹਜ਼ਾਰ ਕੱਚੇ ਕਾਮੇ ਹਨ, ਜਿਨ੍ਹਾਂ ਨੂੰ ਰੈਗੂਲਰ ਕਰਨ ਲਈ ਪਹਿਲਾਂ ਗੱਠਜੋੜ ਸਰਕਾਰ ਨੇ 2016 ਵਿਚ ਤੇ ਫਿਰ ਕਾਂਗਰਸ ਸਰਕਾਰ ਨੇ 2021 ਵਿਚ ਬਿੱਲ ਪਾਸ ਕੀਤੇ ਸਨ। ਹਾਲਾਂਕਿ ਇਨ੍ਹਾਂ ਬਿਲਾਂ ਨੂੰ ਰਾਜਪਾਲ ਨੇ ਪ੍ਰਵਾਨਗੀ ਨਹੀਂ ਦਿੱਤੀ ਸੀ। ਚੋਣਾਂ ਤੋਂ ਐਨ ਪਹਿਲਾਂ ਤਤਕਾਲੀਨ ਸਰਕਾਰਾਂ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕਦਮ ਚੁੱਕੇ ਗਏ, ਜੋ ਅਖੀਰ ਵਿਚ ਕਿਸੇ ਤਣ-ਪੱਤਣ ਨਹੀਂ ਲੱਗ ਸਕੇ।
‘ਆਪ’ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਨਿਯਮਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਸੀ। ਇਸ ਸਬ-ਕਮੇਟੀ ਵੱਲੋਂ ਕਰੀਬ 24 ਹਜ਼ਾਰ ਕੱਚੇ ਮੁਲਾਜ਼ਮਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਨ੍ਹਾਂ ਨੂੰ ਰੈਗੂਲਰ ਕਰਨ ਵਾਸਤੇ ਕੋਈ ਵੱਡਾ ਕਾਨੂੰਨੀ ਅੜਿੱਕਾ ਨਹੀਂ ਹੈ। ‘ਆਪ’ ਸਰਕਾਰ ਨੇ ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਪਾਲਿਸੀ ਰੂਟ ਅਪਣਾਇਆ ਹੈ।