(Source: ECI/ABP News)
Breaking News: ਕਿਸਾਨਾਂ ਨੇ ਕੀਤਾ ਚੰਡੀਗੜ੍ਹ ਵੱਲ ਕੂਚ, ਐਕਸ਼ਨ ਤੋਂ ਪਹਿਲਾਂ ਹੀ ਸੀਐਮ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾਇਆ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕੀਤਾ ਹੈ। ਕਿਸਾਨ ਮੁਹਾਲੀ ਵਿੱਚ ਇਕੱਠੇ ਹੋ ਰਹੇ ਹਨ। ਕਿਸਾਨਾਂ ਦੇ ਐਕਸ਼ਨ ਤੋਂ ਪਹਿਲਾਂ ਹੀ ਸੀਐਮ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾ ਲਿਆ ਹੈ
![Breaking News: ਕਿਸਾਨਾਂ ਨੇ ਕੀਤਾ ਚੰਡੀਗੜ੍ਹ ਵੱਲ ਕੂਚ, ਐਕਸ਼ਨ ਤੋਂ ਪਹਿਲਾਂ ਹੀ ਸੀਐਮ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾਇਆ Punjab News: CM Bhagwant Mann calls meeting before Farmers march towards Chandigarh Breaking News: ਕਿਸਾਨਾਂ ਨੇ ਕੀਤਾ ਚੰਡੀਗੜ੍ਹ ਵੱਲ ਕੂਚ, ਐਕਸ਼ਨ ਤੋਂ ਪਹਿਲਾਂ ਹੀ ਸੀਐਮ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾਇਆ](https://feeds.abplive.com/onecms/images/uploaded-images/2022/05/17/8fd093b0340b82eaf1108f7b8f7678a5_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕੀਤਾ ਹੈ। ਕਿਸਾਨ ਮੁਹਾਲੀ ਵਿੱਚ ਇਕੱਠੇ ਹੋ ਰਹੇ ਹਨ। ਕਿਸਾਨਾਂ ਦੇ ਐਕਸ਼ਨ ਤੋਂ ਪਹਿਲਾਂ ਹੀ ਸੀਐਮ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾ ਲਿਆ ਹੈ। ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ।
ਕਿਸਾਨਾਂ ਦੇ ਚੰਡੀਗੜ੍ਹ ਵੱਲ ਕੂਚ ਤੋਂ ਪਹਿਲਾਂ ਹੀ ਦੇਰ ਰਾਤ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਮੀਟਿੰਗ ਲਈ ਮਨਾਇਆ। ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਮੀਟਿੰਗ ਵਿੱਚ ਮਸਲਿਆਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਦਿੱਲੀ ਦੀ ਤਰਜ਼ ਉੱਪਰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ।
ਦੱਸ ਦਈਏ ਕਿ ਦਿੱਲੀ ਦੀ ਤਰਜ਼ ਤੇ ਚਿਪ ਵਾਲੇ ਮੀਟਰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਡੈਮ ਸੇਫਟੀ ਐਕਟ,ਜ਼ਮੀਨ ਆਬਾਦਕਾਰ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ,ਕਣਕ ਉੱਪਰ 500 ਰੁਪਏ ਬੋਨਸ, ਭਾਰਤ ਮਾਲਾ ਤਹਿਤ ਬਣ ਰਹੀ ਸੜਕ ਦਾ ਕਿਸਾਨਾਂ ਨੂੰ ਮਿਲ ਰਹੇ ਘੱਟ ਮੁਆਵਜਾ ਦੇਣ ਦੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋ ਅੱਜ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਆਗੂਆਂ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਮੋਰਚੇ 'ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ ਸੀ।
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਅੱਜ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ’ਤੇ ਚੰਡੀਗੜ੍ਹ ਵੱਲ ਚਾਲੇ ਪਾਉਣਗੇ।
ਕਿਸਾਨ ਲੀਡਰਾਂ ਨੇ ‘ਆਪ’ ਨੂੰ ਸਿਰਫ਼ ਐਲਾਨਾਂ ਦੀ ਸਰਕਾਰ ਗਰਦਾਨਦਿਆਂ ਕਿਹਾ ਕਿ ਸਰਕਾਰ ਨੇ ਵਾਅਦੇ ਤੇ ਐਲਾਨ ਤਾਂ ਅਨੇਕ ਕੀਤੇ ਪਰ ਨਿਭਾਇਆ ਕੋਈ ਵੀ ਨਹੀਂ। ਉਨ੍ਹਾਂ ਕਿਹਾ ਕਿ ਬੀਬੀਐਮਬੀ ਮਸਲੇ ’ਤੇ ਕਿਸਾਨ ਜਥੇਬੰਦੀਆਂ ਨੇ 25 ਮਾਰਚ ਨੂੰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਇਸ ਮਸਲੇ ’ਤੇ ਕੋਈ ਬਿਆਨ ਜਾਰੀ ਨਹੀਂ ਕੀਤਾ।
ਇਸ ਤੋਂ ਇਲਾਵਾ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਕਣਕ ਦੇ ਘੱਟ ਝਾੜ ਸਬੰਧੀ ਬੋਨਸ ਦੇਣ ਦਾ ਵਾਅਦਾ ਕੀਤਾ ਪਰ ਹਾਲੇ ਤੱਕ ਇਸ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦੀ ਚਿੱਪ ਵਾਲੇ ਮੀਟਰ ਲਗਾਉਣ ਦਾ ਫ਼ੈਸਲਾ ਰੱਦ ਕਰਨ ਦੀ ਮੰਗ ਵੀ ਹਾਲੇ ਤੱਕ ਪੂਰੀ ਨਹੀਂ ਹੋਈ।
ਕਿਸਾਨ ਲੀਡਰਾਂ ਨੇ ਕਿਹਾ ਕਿ ਪਿਛਲੇ ਹਫ਼ਤੇ ਪੰਜਾਬ ਦੇ ਬਿਜਲੀ ਮੰਤਰੀ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਵਿੱਚ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਬੀਜਣ ਦੀ ਖੁੱਲ੍ਹ ਦੇਣ ਤੇ 10 ਮਈ ਤੋਂ ਲਗਾਤਾਰ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ ਸੀ ਪਰ ਇਨ੍ਹਾਂ ਮੰਗਾਂ ’ਤੇ ਵੀ ਕੋਈ ਸਹਿਮਤੀ ਨਹੀਂ ਬਣੀ ਸੀ, ਜਿਸ ਲਈ ਹੁਣ ਕਿਸਾਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਫ਼ੈਸਲਾ ਲਿਆ ਹੈ।
ਕਿਸਾਨ ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਇਸ ਮਗਰੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੰਡੀਗੜ੍ਹ ਨੂੰ ਚਾਲੇ ਪਾਏ ਜਾਣਗੇ, ਜਿੱਥੇ ਪ੍ਰਸ਼ਾਸਨ ਕਿਸਾਨਾਂ ਦੇ ਕਾਫ਼ਲੇ ਰੋਕੇਗਾ, ਉੱਥੇ ਹੀ ਪੱਕਾ ਮੋਰਚਾ ਲਾ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿਸਾਨੀ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)