ਸੀਐੱਮ ਮਾਨ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ ਦਾ ਨਿਰਮਾਣ ਫਾਸਟ ਟ੍ਰੈਕ 'ਤੇ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼, ਕਿਹਾ ਪ੍ਰਵਾਨਿਤ ਕੰਮਾਂ ਨੂੰ ਮੁਕੰਮਲ ਕਰਨ 'ਤੇ ਦਿੱਤੀ ਜਾਵੇ ਪਹਿਲ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਨੈਸ਼ਨਲ ਹਾਈਵੇਅ ਦੇ ਨਿਰਮਾਣ ਨੂੰ ਫਾਸਟ ਟਰੈਕ ਮੋਡ 'ਤੇ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਨੈਸ਼ਨਲ ਹਾਈਵੇਅ ਦੇ ਨਿਰਮਾਣ ਨੂੰ ਫਾਸਟ ਟਰੈਕ ਮੋਡ 'ਤੇ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਪ੍ਰਵਾਨਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪਹਿਲ ਦੇਣ।
ਉਨ੍ਹਾਂ ਨੇ ਆਉਣ ਵਾਲੇ ਪ੍ਰੋਜੈਕਟਾਂ ਦੀ ਗੁਣਵੱਤਾ ਦੇ ਨਿਰਮਾਣ, ਰੱਖ-ਰਖਾਅ ਅਤੇ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਵਿਭਾਗ ਨੂੰ ਨਿਰਧਾਰਤ ਮਾਪਦੰਡਾਂ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਇੱਕ ਅਭਿਲਾਸ਼ੀ ਪ੍ਰੋਜੈਕਟ ਹੈ, ਜਿਸ ਦੇ ਮੁਕੰਮਲ ਹੋਣ 'ਤੇ ਪੰਜਾਬ ਰਾਹੀਂ ਦਿੱਲੀ ਤੋਂ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਐਨਰਜੀ ਦੀ ਬੱਚਤ ਹੋਵੇਗੀ। ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਮੱਥਾ ਟੇਕਣ ਦੇ ਚਾਹਵਾਨਾਂ ਲਈ ਇਹ ਲਾਭਦਾਇਕ ਹੋਵੇਗਾ। ਉਨ੍ਹਾਂ ਕਿਹਾ ਕਿ 254 ਕਿਲੋਮੀਟਰ ਲੰਬਾ ਇਹ ਹਾਈਵੇਅ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਰਾਜ ਦੇ 9 ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚੋਂ ਗੁਜ਼ਰੇਗਾ।
ਮੁੱਖ ਮੰਤਰੀ ਨੇ ਵਿਭਾਗ ਨੂੰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ 15 ਅਗਸਤ ਦੀ ਤੈਅ ਸਮਾਂ ਸੀਮਾ ਅਨੁਸਾਰ ਮੁਕੰਮਲ ਕਰਨ ਲਈ ਵੀ ਆਖਿਆ। ਦਸ ਦਈਏ ਕਿ ਸੀਐੱਮ ਵੱਲੋਂ 15 ਅਗਸਤ ਨੂੰ 75ਵੇਂ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸੀਐੱਮ ਵੱਲੋ ਬੀਤੇ ਦਿਨ ਟਵੀਟ ਕਰ ਲਿਖਿਆ ਗਿਆ ਕਿ ਵਾਅਦੇ ਮੁਤਾਬਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅਸੀਂ ਕੰਮ ਕਰ ਰਹੇ ਹਾਂ… ਅਫ਼ਸਰਾਂ ਨਾਲ ‘ਆਮ ਆਦਮੀ ਕਲੀਨਿਕ’ ਲਈ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਜਲਦ ਹੀ ਮੈਂ ਮੌਕੇ ‘ਤੇ ਜਾ ਕੇ ਇਹਨਾਂ ਕੰਮਾਂ ਦਾ ਜਾਇਜ਼ਾ ਲਵਾਂਗਾ।