ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।
ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।
ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।


ਮਹਿਲਾ ਚੌਂਕ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਸਰਕਾਰੀ ਬੱਸ ਨੇ 4 ਸਕੂਲੀ ਬੱਚਿਆਂ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਹਨਾਂ 'ਚੋਂ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ ਹੋਰ ਗੰਭੀਰ ਜਖਮੀ ਦੱਸੇ ਜਾ ਰਹੇ ਹਨ। ਸਰਕਾਰੀ ਸਕੂਲ ਤੋਂ ਇਹ ਵਿਦਿਆਰਥੀ ਘਰ ਪਰਤ ਰਹੇ ਸਨ ਤੇ ਡਿਵਾਈਡਰ 'ਤੇ ਖੜ੍ਹੀਆਂ ਸਨ ਉੱਥੇ ਹੀ ਸੰਗਰੂਰ ਆ ਰਹੀ ਇੱਕ ਸਰਕਾਰੀ ਬੱਸ ਨੇ ਡਿਵਾਈਡਰ 'ਤੇ ਹੀ ਵਿਦਿਆਰਥੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਜੋ ਕਿ 8ਵੀਂ ਜਮਾਤ 'ਚ ਪੜ੍ਹਦੀ ਸੀ।


ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਵਿਦਿਆਰਥੀ ਘਰ ਵਾਪਸ ਆ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ ਜਿਸ ਬਾਰੇ ਉਹਨਾਂ ਨੂੰ ਫੋਨ 'ਤੇ ਸੂਚਿਤ ਕੀਤਾ ਗਿਆ। 


ਫਿਲਹਾਲ ਹਾਦਸੇ ਦੇ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤਾ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਦੀ ਗੱਲ ਆਖੀ ਗਈ ਹੈ ਉੱਥੇ ਹੀ ਜ਼ਖਮੀ ਵਿਦਿਆਰਥੀਆਂ ਹਸਪਤਾਲ 'ਚ ਜ਼ੇਰੇ ਇਲਾਜ ਹਨ।