Punjab News: ਮਿਸ਼ਨ ਰੁਜ਼ਗਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਇਆ ਗਿਆ।
ਸੀਐਮ ਭਗਵੰਤ ਮਾਨ ਟਵੀਟ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਹੈ…ਅੱਜ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ‘ਚ 249 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ…ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ…ਪੰਜਾਬ ‘ਚ ਹੀ ਨੌਜਵਾਨਾਂ ਨੂੰ ਕੰਮ ਦੇ ਰਹੇ ਹਾਂ..ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣਾ ਰਹੇ ਹਾਂ…ਅੱਜ ਸਰਕਾਰ ਦੇ ਡੇਢ ਸਾਲ ਤੋਂ ਵੀ ਘੱਟ ਸਮੇਂ ‘ਚ 36 ਹਜ਼ਾਰ ਸਰਕਾਰੀ ਨੌਕਰੀਆਂ ਅਸੀਂ ਦੇ ਚੁੱਕੇ ਹਾਂ..
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਰੀਬ 35 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਵੱਖ-ਵੱਖ ਅਸਾਮੀਆਂ 'ਤੇ ਭਰਤੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਾਲਾਂ ਲਈ ਨਵੀਂ ਰੋਡ ਸੇਫਟੀ ਫੋਰਸ (ਐਸਐਸਐਫ) ਸਮੇਤ ਪੁਲਿਸ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਭਰਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਹਰ ਵਾਰ ਇਹ ਐਲਾਨ ਕਰਦੇ ਹਨ ਕਿ ਸਰਕਾਰੀ ਖਜ਼ਾਨਾ ਭਰ ਗਿਆ ਹੈ ਤੇ ਸਰਕਾਰ ਸੂਬੇ ਵਿੱਚ ਹੀ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਉਪਰਾਲੇ ਕਰ ਰਹੀ ਹੈ।
ਪੰਜਾਬ ਸਰਕਾਰ ਨੇ ਪੰਜਾਬ ਦੇ ਉਦਯੋਗਿਕ ਖੇਤਰ ਤੇ ਸੂਬੇ ਵਿੱਚ ਨਿਵੇਸ਼ ਲਈ ਪਿਛਲੇ ਡੇਢ ਸਾਲ ਵਿੱਚ ਇੱਕ ਵੱਡਾ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਹੈ। ਤਿੰਨ ਰੋਜ਼ਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 11 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਦੋਵਾਂ ਸੰਮੇਲਨਾਂ ਦਾ ਉਦੇਸ਼ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਇਸ ਲਈ ਪੰਜਾਬ ਸਰਕਾਰ ਨੇ ਸੈਰ ਸਪਾਟਾ ਨੀਤੀ ਸਮੇਤ ਹੋਰ ਵੀ ਕਈ ਨੀਤੀਆਂ ਬਣਾਈਆਂ ਹਨ। ਇਸੇ ਆਧਾਰ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨੌਜਵਾਨ ਪੰਜਾਬੀ ਲੜਕੇ-ਲੜਕੀਆਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ।
ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮੋਹਾਲੀ ਵਿੱਚ ਥੀਮ ਪਾਰਕ ਤੇ ਵਾਟਰ ਸਪੋਰਟਸ ਸਥਾਪਤ ਕਰ ਸਕਦਾ ਹੈ। ਮੁਹਾਲੀ ਦੇ ਇਸ ਥੀਮ ਪਾਰਕ ਤੇ ਵਾਟਰ ਸਪੋਰਟਸ ਪ੍ਰਾਜੈਕਟ ਤੇ ਹੋਰ ਕਈ ਪ੍ਰਾਜੈਕਟਾਂ ਨੂੰ ਜਲਦੀ ਹੀ ਪੰਜਾਬ ਸਰਕਾਰ ਤੋਂ ਮਨਜ਼ੂਰੀ ਮਿਲਣ ਦੀ ਉਮੀਦ ਹੈ। ਵੰਡਰਲਾ ਗਰੁੱਪ ਤੋਂ ਇਲਾਵਾ, ਕਲੱਬ ਮਹਿੰਦਰਾ ਵੀ ਮੋਹਾਲੀ ਜਾਂ ਇਸ ਦੇ ਆਸ-ਪਾਸ ਕਿਸੇ ਬਿਹਤਰ ਥਾਂ ਦੀ ਤਲਾਸ਼ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।