Punjab News : ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਲੈਵਲ ਮੀਟਿੰਗ ਸੱਦੀ ਸੀ , ਜੋ ਹੁਣ ਉੱਚ ਪੱਧਰੀ ਮੀਟਿੰਗ ਸਮਾਪਤ ਹੋ ਗਈ ਹੈ। ਖ਼ਬਰਾਂ ਅਨੁਸਾਰ ਇਸ ਮੀਟਿੰਗ ਚ DGP ਤੇ ਸੀਨੀਅਰ ਅਫ਼ਸਰ ਸਾਮਿਲ ਹੋਏ ਸਨ। ਇਸ ਮੀਟਿੰਗ ਤੋਂ ਬਾਅਦ  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਹਰ ਹਾਲਤ 'ਚ ਕਾਨੂੰਨ ਵਿਵਸਥਾ ਕਾਇਮ ਰਹਿਣੀ ਚਾਹੀਦੀ ਹੈ।


 

ਦੱਸ ਦੇਈਏ ਅੱਜ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ ਉੱਤੇ ਸਵਾਰ 5 ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਕਈ ਗੋਲੀਆਂ ਲੱਗਣ ਕਾਰਨ ਪ੍ਰਦੀਪ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਗੋਲੀਬਾਰੀ ਵਿੱਚ ਉਸ ਦੇ ਗੰਨਮੈਨ ਅਤੇ ਇੱਕ ਹੋਰ ਦੁਕਾਨਦਾਰ ਨੂੰ ਵੀ ਗੋਲੀਆਂ ਲੱਗੀਆਂ ਹਨ। 
 

ਇਸ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਪਰ ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ। ਗੋਲਡੀ ਬਰਾੜ ਦੇ ਨਾਂ 'ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ 'ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗਨਮੈਨ ਦੇ ਜ਼ਖਮੀ ਹੋਣ 'ਤੇ ਅਫਸੋਸ ਪ੍ਰਗਟ ਕੀਤਾ ਪਰ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ।  

 

ਓਧਰ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਆਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼...



ਦੱਸ ਦਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਹਾਲਤ ਠੀਕ ਨਾ ਹੋਣ ਕਰਕੇ ਘੇਰਿਆ ਗਿਆ ਸੀ। ਹੁਣ ਡੇਰਾ ਪ੍ਰੇਮੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਲਈ ਸਰਕਾਰ ਮੁੜ ਕਸੂਤੀ ਘਿਰ ਸਕਦੀ ਹੈ।