Punjab News: ਪੰਜਾਬ ਅੰਦਰ ਡਰਾਈਵਿੰਗ ਲਾਇਸੈਂਸ ਤੇ ਆਰਸੀ ਜਾਰੀ ਕਰਨ ਵਿੱਚ ਕਾਫੀ ਦੇਰੀ ਹੋ ਰਹੀ ਹੈ। ਬਹੁਤ ਸਾਰੇ ਜ਼ਿਲ੍ਹਿਆਂ ਅੰਦਰ ਕੰਮ ਬੁਰੀ ਤਰ੍ਹਾਂ ਲੜਖੜਾ ਗਿਆ ਹੈ। ਇਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੰਦਿਆਂ ਸਾਰਾ ਪੈਂਡਿੰਗ ਕੰਮ ਨਿਬੇੜਨ ਦਾ ਹੁਕਮ ਦਿੱਤਾ ਹੈ। 



ਦੱਸ ਦਈਏ ਕਿ ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਤੇ ਆਰਸੀ ਦੀ ਛਪਾਈ ਕਰਕੇ ਲੋਕਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਇਸ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੈਂਸ (ਡੀਐਲ) ਤੇ ਵਾਹਨਾਂ ਦੇ ਰਜਿਸਟਰੇਸ਼ਨ ਸਰਟੀਫਿਕੇਟਾਂ (ਆਰਸੀਜ਼) ਦੇ ਸਾਰੇ ਕੇਸਾਂ ਦਾ ਨਿਬੇੜਾ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ’ਚ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਹੈ। 



ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਡਰਾਈਵਿੰਗ ਲਾਇਸੈਂਸ ਤੇ ਆਰਸੀਜ਼ ਲੋਕਾਂ ਨੂੰ ਮਿਲਣ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਤਕਨੀਕੀ ਕਾਰਨਾਂ ਕਰਕੇ ਲਟਕ ਰਹੇ ਆਰਸੀਜ਼ ਤੇ ਲਾਇਸੈਂਸਾਂ ਦੇ ਬੈਕਲਾਗ ਨੂੰ 15 ਜੂਨ ਤੱਕ ਨਿਬੇੜਿਆ ਜਾਵੇ। 


ਹੋਰ ਪੜ੍ਹੋ : Punjab: ਪੰਜਾਬ 'ਚ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਇੰਦਰਵੀਰ ਨਿੱਝਰ ਨੇ ਦਿੱਤਾ ਅਸਤੀਫਾ, ਇਹ ਦੋਵੇਂ ਆਗੂ ਬਣਨਗੇ ਮੰਤਰੀ



ਮਾਨ ਨੇ ਕਿਹਾ ਕਿ ਲਾਇਸੈਂਸ ਜਾਰੀ ਕਰਨ ’ਚ ਬਹੁਤ ਮੁਸ਼ਕਲਾਂ ਆ ਰਹੀਆਂ ਹਨ। ਕਈ ਵਾਰ ਫੀਸ ਤਾਂ ਜਮ੍ਹਾਂ ਹੋ ਜਾਂਦੀ ਹੈ ਤੇ ਬਿਨੈਕਾਰ ਫੋਟੋ ਲੈ ਕੇ ਨਹੀਂ ਆਉਂਦਾ ਜਾਂ ਬਿਨੈਕਾਰ ਦੋ ਸ਼੍ਰੇਣੀਆਂ (ਮੋਟਰਸਾਈਕਲ ਤੇ ਐਲਐਮਵੀ) ਲਈ ਅਪਲਾਈ ਕਰਦਾ ਹੈ ਪਰ ਸਿਰਫ ਇਕ ਸ਼੍ਰੇਣੀ ਲਈ ਹੀ ਯੋਗਤਾ ਟੈਸਟ ਵਾਸਤੇ ਹਾਜ਼ਰ ਹੁੰਦਾ ਹੈ। 



ਉਨ੍ਹਾਂ ਕਿਹਾ ਕਿ ਵਾਹਨਾਂ ਦੇ ਰਜਿਸਟਰੇਸ਼ਨ ਸਰਟੀਫਿਕੇਟਾਂ ਸਬੰਧੀ ਉੱਚ ਸੁਰੱਖਿਆ ਰਜਿਸਟਰੇਸ਼ਨ ਪਲੇਟਾਂ ਫਿਟ ਨਾ ਹੋਣ ਦੀ ਸਥਿਤੀ ’ਚ ਆਰਸੀਜ਼ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ ਤੇ ਸਰਕਾਰ ਕੋਲ ਪੂਰੀ ਲੋੜੀਂਦੀ ਫੀਸ ਤੇ ਮੋਟਰ ਵਹੀਕਲ ਟੈਕਸ ਜਮ੍ਹਾਂ ਨਾ ਕਰਵਾਉਣ ਦੀ ਸੂਰਤ ’ਚ ਦੇਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਹੁਤੀ ਵਾਰ ਲੋਕ ਨਿਯਮਾਂ ਤਹਿਤ ਲੋੜ ਅਨੁਸਾਰ ਪੂਰੇ ਦਸਤਾਵੇਜ਼ ਅਪਲੋਡ ਨਹੀਂ ਕਰਦੇ, ਜਿਸ ਕਾਰਨ ਦੇਰੀ ਹੁੰਦੀ ਹੈ। ਬਿਨੈਕਾਰਾਂ ਨੂੰ ਇਨ੍ਹਾਂ ਕਾਰਨਾਂ ਤੋਂ ਬਚਣਾ ਚਾਹੀਦਾ ਹੈ।