Punjab Cabinet Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੀਟਿੰਗ ਨੂੰ ਬਹੁਤ ਅਹਿਮ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਇਹ ਮੀਟਿੰਗ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਕੁਝ ਦਿਨ ਪਹਿਲਾਂ ਕੀਤੀ ਜਾ ਰਹੀ ਹੈ, ਜਿਸ ਕਰਕੇ ਹਰ ਵਰਗ ਦੇ ਲੋਕਾਂ ਦੀਆਂ ਨਜ਼ਰਾਂ ਕੈਬਨਿਟ ਮੀਟਿੰਗ ਵਿੱਚ ਲਏ ਜਾਣ ਵਾਲੇ ਫ਼ੈਸਲਿਆਂ ’ਤੇ ਟਿਕੀਆਂ ਹੋਈਆਂ ਹਨ। ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਠੀਕ ਪਹਿਲਾਂ ਬੁਲਾਈ ਗਈ ਇਹ ਮੀਟਿੰਗ ਰਾਜਨੀਤਕ ਤੇ ਪ੍ਰਸ਼ਾਸਕੀ ਦ੍ਰਿਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ 23 ਮਈ ਨੂੰ ਹੋਈ ਸੀ, ਜਿਸ ਵਿੱਚ ਸੂਬਾ ਸਰਕਾਰ ਵੱਲੋਂ ਕਈ ਵੱਡੇ ਫ਼ੈਸਲੇ ਲਏ ਗਏ ਸਨ।
ਸੂਤਰਾਂ ਮੁਤਾਬਕ ਮੀਟਿੰਗ ਵਿੱਚ ਉਦਯੋਗਪਤੀਆਂ ਨਾਲ ਸਬੰਧਤ ਕਈ ਵੱਡੇ ਪ੍ਰਸਤਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਹਾਲ ਹੀ ਵਿੱਚ ਲੁਧਿਆਣਾ ਲਈ ਸਰਕਾਰ ਦੀ ਭੂਮੀ ਨੀਤੀ ਯੋਜਨਾ ਜਾਰੀ ਕੀਤੀ ਗਈ ਸੀ। ਹੁਣ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ ਕਿ ਉਦਯੋਗਿਕ ਖੇਤਰਾਂ ਵਿੱਚ ਸਥਿਤ ਇੱਕ ਤੋਂ ਵੱਧ ਪਲਾਟਾਂ ਨੂੰ ਜੋੜਿਆ ਜਾ ਸਕੇ।
ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਮਜੀਠਾ ਵਿੱਚ ਸ਼ਰਾਬ ਸਕੈਂਡਲ ਤੋਂ ਬਾਅਦ ਹੁਣ ਨਸ਼ੇ ਨੂੰ ਕੰਟਰੋਲ ਕਰਨ ਲਈ ਵੱਡਾ ਕਦਮ ਵੀ ਚੁੱਕਿਆ ਜਾ ਸਕਦਾ ਹੈ। ਪਿਛਲੇ ਬਜਟ ਵਿੱਚ ਸਰਹੱਦੀ ਖੇਤਰਾਂ ਵਿੱਚ 5000 ਹੋਮ ਗਾਰਡ ਜਵਾਨ ਤਾਇਨਾਤ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਦੀ ਰਸਮੀ ਪ੍ਰਵਾਨਗੀ ਤੇ ਅੰਤਿਮ ਨੋਟੀਫਿਕੇਸ਼ਨ ਇਸ ਮੀਟਿੰਗ ਵਿੱਚ ਜਾਰੀ ਕੀਤਾ ਜਾ ਸਕਦਾ ਹੈ।
ਸਰਕਾਰੀ ਸੂਤਰਾਂ ਮੁਤਬਕ ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਮੀਡੀਆ ਨੂੰ ਮੀਟਿੰਗ ਬਾਰੇ ਜਾਣਕਾਰੀ ਦੇਣਗੇ। ਇਸ ਦੌਰਾਨ ਕਿਹੜੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਕਿਹੜੇ ਕਦਮ ਚੁੱਕਣ ਜਾ ਰਹੀ ਹੈ, ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।