Paddy Lifting: ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।


ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ


ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ।



ਰੋਜ਼ਾਨਾ 7-8 ਮੰਡੀਆਂ ਦਾ ਦੌਰਾ


ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ ‘ਤੇ ਗਹੁ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ।


ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


ਆਪਣੇ ਆਪ ਵਿੱਚ ਇੱਕ ਰਿਕਾਰਡ


ਸੀਐੱਮ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸ਼ੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ  ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜ਼ੇਸ਼ਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ।


ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ


ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।