Punjab Weather Update: ਅੱਧਾ ਦਸੰਬਰ ਲੰਘ ਗਿਆ ਹੈ ਪਰ ਪੂਰਾ ਦਿਨ ਪਸੀਨੇ ਛੁੱਟ ਰਹੇ ਹਨ ਪਰ ਹੁਣ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ 'ਚ ਕੜਾਕੇ ਦੀ ਠੰਢ ਪਵੇਗੀ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪੱਛਮੀ ਗੜਬੜੀ ਐਕਟਿਵ ਹੋਈ ਹੈ, ਜੋ ਹੁਣ ਦਿੱਲੀ-ਹਰਿਆਣਾ ਸਰਹੱਦ 'ਤੇ ਚੱਕਰਵਾਤ ਦੇ ਰੂਪ ਵਿੱਚ ਦਿਖਾਈ ਦੇ ਸਕਦੀ ਹੈ। ਇਹੀ ਕਾਰਨ ਹੈ ਕਿ 13 ਦਸੰਬਰ ਤੱਕ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ। 



ਉਧਰ, ਪੰਜਾਬ ਸਰਕਾਰ ਨੇ ਸਰਦੀ ਦੀਆਂ ਛੁੱਟੀਆਂ 24 ਦਸੰਬਰ ਤੋਂ ਕਰਨ ਦਾ ਐਲਾਨ ਕੀਤਾ ਹੈ। ਇਸ ਲਈ ਜੇਕਰ ਪਹਿਲਾਂ ਹੀ ਧੁੰਦ ਤੇ ਠੰਢ ਦਾ ਪ੍ਰਕੋਪ ਵਧਦਾ ਹੈ ਤਾਂ ਪੰਜਾਬ ਸਰਕਾਰ ਨੂੰ ਛੁੱਟੀਆਂ ਬਾਰੇ ਫੈਸਲੇ ਵਿੱਚ ਤਬਦੀਲੀ ਕਰਨੀ ਪੈ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਸਰਦੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਇਹ ਐਲਾਨ ਪੰਜਾਬ ਸਰਕਾਰ ਦੇ ਸੀਨੀਅਰ ਆਈਏਐਸ ਅਧਿਕਾਰੀ ਤੇ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਕੀਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੇ ਮੱਦੇਨਜ਼ਰ 24 ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ।



ਦਰਅਸਲ ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਢ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਤੇ ਚੰਡੀਗੜ੍ਹ ਦਾ 0.4 ਡਿਗਰੀ ਡਿੱਗਾ ਹੈ। ਮੈਦਾਨੀ ਇਲਾਕਿਆਂ 'ਚ ਅੰਮ੍ਰਿਤਸਰ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 2 ਡਿਗਰੀ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਹੈ।



ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਰੂਪਨਗਰ ਤੇ ਐਸਏਐਸ ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ ਪਰ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਿਸ ਕਾਰਨ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।