Punjab News: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਨੇ ਇੱਕ ਵਾਰ ਫਿਰ ਸੂਬੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਹੋਏ ਬਦਲਾਅ ਤੋਂ ਬਾਅਦ ਪਾਰਟੀ ਨੇ ਸੂਬੇ ਵਿਚ ਆਪਣੇ ਵਰਕਰਾਂ ਵਿੱਚ ਜੋਸ਼ ਭਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ ਮੁਕਾਬਲਾ ਕਰਨ ਲਈ ਤਿਆਰ ਰਹਿਣ ਲਈ ਕਿਹਾ ਹੈ।

ਰਾਜਾ ਵੜਿੰਗ ਵੱਲੋਂ ਸੂਬਾ ਵਰਕਰਾਂ ਅਤੇ ਪਾਰਟੀ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਕਾਂਗਰਸ ਦੀ ਭੂਮਿਕਾ ਅਹਿਮ ਹੈ ਤੇ ਇਸ ਸਰਕਾਰ ’ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਦਬਾਅ ਬਣਾਇਆ ਜਾਣਾ ਚਾਹੀਦਾ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਦਾਅਵਾ ਕੀਤਾ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਵਜੋਂ ਕਾਂਗਰਸ ਦੀ ਭੂਮਿਕਾ ਜ਼ਿਆਦਾ ਅਹਿਮ ਹੈ ਕਿਉਂਕਿ ‘ਆਪ’ ਸਰਕਾਰ ਸ਼ੁਰੂ ਤੋਂ ਹੀ ਨਿਘਰ ਚੁੱਕੀ ਹੈ। ਪਾਰਟੀ ਵੱਲੋਂ ਜਾਰੀ ਬਿਆਨ ਮੁਤਾਬਕ ਉਨ੍ਹਾਂ ਕਿਹਾ, 'ਜਿਵੇਂ ਉਮੀਦ ਸੀ, ਲੋਕਾਂ ਦਾ ਇਸ ਸਰਕਾਰ ਤੋਂ ਤੇਜ਼ੀ ਨਾਲ ਮੋਹ ਭੰਗ ਹੋ ਗਿਆ ਹੈ।'

ਦੱਸ ਦੇਈਏ ਕਿ ਕਾਂਗਰਸ ਨੇ ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਦੀ ਥਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੀ ਕਮਾਨ ਸੌਂਪੀ ਹੈ।ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰਨਗੇ। ਇਸੇ ਕੜੀ ਵਿੱਚ ਪਾਰਟੀ ਨੇ ਵੀ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ।