Farmer Leader Jagjeet Singh dallewal: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਗੈਰ-ਰਾਜਨੀਤਕ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੂਬਾ ਸਰਕਾਰ ਨੂੰ ਖੂਬ ਰਗੜੇ ਲਾਏ ਹਨ। ਡੱਲੇਵਾਲ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਨੇ ਸੂਬੇ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ ਤੇ ਆਪਣੀ ਆਵਾਜ਼ ਚੁੱਕਣ ਵਾਲਿਆਂ ਨੂੰ ਡੰਡੇ ਨਾਲ ਦਬਾਇਆ ਜਾ ਰਿਹਾ ਹੈ।
ਕਿਸਾਨ ਲੀਡਰ ਡੱਲੇਵਾਲ ਨੇ ਕਿਹਾ ਕਿ ਇੱਕ ਪਾਸੇ ਸੂਬਾ ਸਰਕਾਰ ਦੇਸ਼ ਦੇ ਮੌਜੂਦਾ ਹਾਲਾਤਾਂ ਦਾ ਹਵਾਲਾ ਦਿੰਦੇ ਹੋਏ ਕਿਸਾਨ ਸੰਗਠਨਾਂ ਨੂੰ ਅੰਦੋਲਨ ਮੁਲਤਵੀ ਕਰਨ ਦੀ ਬੇਨਤੀ ਕਰ ਰਹੀ ਹੈ ਤੇ ਦੂਜੇ ਪਾਸੇ ਸ਼ੰਭੂ ਤੇ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਦਾ ਸਾਮਾਨ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਡੱਲੇਵਾਲ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕਿਸਾਨ ਆਗੂਆਂ ਨੂੰ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਅਜਿਹੀ ਸਥਿਤੀ ਵਿੱਚ ਕਿਸਾਨ ਸੰਗਠਨਾਂ ਨੂੰ ਸੰਘਰਸ਼ ਤੋਂ ਇਲਾਵਾ ਕੋਈ ਹੋਰ ਰਸਤਾ ਦਿਖਾਈ ਨਹੀਂ ਦਿੰਦਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੋਰਚਿਆਂ ਨੂੰ ਜ਼ਬਰਦਸਤੀ ਖਤਮ ਕਰ ਦਿੱਤਾ ਗਿਆ। ਉੱਥੋਂ ਕਿਸਾਨਾਂ ਦਾ ਸਾਮਾਨ ਚੋਰੀ ਕਰ ਲਿਆ ਗਿਆ ਜਿਸ ਵਿੱਚ 'ਆਪ' ਵਿਧਾਇਕਾਂ ਦੇ ਨਾਮ ਵੀ ਸਾਹਮਣੇ ਆਏ ਪਰ ਹੁਣ ਤੱਕ ਨਾ ਤਾਂ ਕਿਸਾਨਾਂ ਦਾ ਸਾਮਾਨ ਚੋਰੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਕੀਤੀ ਗਈ ਤੇ ਨਾ ਹੀ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਜਦੋਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਨੇ ਇਸ ਮਾਮਲੇ ਨੂੰ ਲੈ ਕੇ ਸ਼ੰਭੂ ਪੁਲਿਸ ਸਟੇਸ਼ਨ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਤਾਂ ਸਰਕਾਰ ਨੇ ਪੁਲਿਸ ਦੀ ਮਦਦ ਨਾਲ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਤੇ ਕਈ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ, ਜਿਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਕਿਸਾਨ ਆਗੂ ਡੱਲੇਵਾਲਾ ਨੇ ਕਿਹਾ ਕਿ ਉਹ ਦੇਸ਼ ਦੀ ਤਾਜ਼ਾ ਸਥਿਤੀ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ ਤੇ ਹਰ ਕਿਸਾਨ ਵੀ ਦੇਸ਼ ਦੇ ਨਾਲ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਆਪਣਾ ਅੰਦੋਲਨ ਮੁਅੱਤਲ ਕਰਨ ਲਈ ਵੀ ਤਿਆਰ ਹੈ, ਪਰ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੂੰ ਜੇਲ੍ਹਾਂ ਵਿੱਚ ਬੰਦ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਚੋਰੀ ਹੋਏ ਸਾਮਾਨ ਦਾ ਮੁਆਵਜ਼ਾ ਦੇ ਕੇ ਦੋਸ਼ੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।