Flood in Punjab: ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ ਜਦੋਂਕਿ ਪੌਂਗ ਡੈਮ ਵਿੱਚ ਵੀ ਪਾਣੀ ਚੜ੍ਹ ਰਿਹਾ ਹੈ। ਦੋਵਾਂ ਡੈਮਾਂ ਤੋਂ ਅੱਜ ਵੀ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਜਾਵੇਗਾ। ਪਾਣੀ ਛੱਡਣ ਦੀ ਸੂਚਨਾ ਮਿਲਦਿਆਂ ਹੀ ਬਿਆਸ ਤੇ ਸਤਲੁਜ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮੌਜੂਦਾ ਸਮੇਂ ਰਾਵੀ ਤੇ ਬਿਆਸ ਦਰਿਆ ਚੜ੍ਹੇ ਹੋਣ ਕਰਕੇ ਪੰਜਾਬ ਦੇ ਅੱਠ ਜ਼ਿਲ੍ਹੇ ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਤੇ ਕਪੂਰਥਲਾ ਵਿੱਚ ਹੜ੍ਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1393.36 ਫੁੱਟ ਦੇ ਕਰੀਬ ਪਹੁੰਚ ਗਿਆ ਹੈ ਜਦੋਂ ਕਿ ਡੈਮ ਵਿੱਚ ਖਤਰੇ ਦਾ ਨਿਸ਼ਾਨ 1390 ਫੁੱਟ ’ਤੇ ਹੈ। ਇਸ ਕਰਕੇ ਅੱਜ ਪੌਂਗ ਡੈਮ ਵਿੱਚੋਂ ਹੋਰ ਪਾਣੀ ਛੱਡਿਆ ਜਾਵੇਗਾ।
ਦੂਜੇ ਪਾਸੇ ਭਾਖੜਾ ਡੈਮ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1371 ਫੁੱਟ ਦੇ ਕਰੀਬ ਹੈ ਜਦੋਂ ਕਿ ਖਤਰੇ ਦਾ ਨਿਸ਼ਾਨ 1380 ਫੁੱਟ ’ਤੇ ਹੈ। ਇਸ ਲਈ ਅੱਜ ਇਨ੍ਹਾਂ ਦੋਵਾਂ ਡੈਮਾਂ ਵਿੱਚੋਂ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਨੇ ਪਹਿਲਾਂ ਹੀ ਬਿਆਸ ਤੇ ਸਤਲੁਜ ਦਰਿਆ ਕੰਢੇ ਤੇ ਨੇੜਲੇ ਇਲਾਕਿਆਂ ਵਿੱਚ ਚੇਤਾਵਨੀ ਜਾਰੀ ਕਰ ਦਿੱਤੀ ਹੈ। ਇਸੇ ਤਰ੍ਹਾਂ ਰਣਜੀਤ ਸਾਗਰ ਡੈਮ ਵੀ ਖਤਰੇ ਦੇ ਨਿਸ਼ਾਨ ਨਜ਼ਦੀਕ ਚੱਲ ਰਿਹਾ ਹੈ ਜਿੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਹਾਸਲ ਜਾਣਕਾਰੀ ਅਨੁਸਾਰ ਪੰਜਾਬ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆਉਣ ਕਰਕੇ ਉੱਥੇ ਦੇ ਲੋਕਾਂ ਦਾ ਜਨ ਜੀਵਨ ਲੀਹੋਂ ਲੱਥ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀਆਂ ਲੱਖਾਂ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ ਤੇ ਪਸ਼ੂਆਂ ਦਾ ਵੀ ਕਾਫੀ ਥਾਵਾਂ ’ਤੇ ਨੁਕਸਾਨ ਹੋ ਗਿਆ ਹੈ। ਹਾਲਾਂਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਬੰਧਨ ਲਈ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਉਧਰ, ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਮੋਡ ਵਿੱਚ ਹਨ। ਮੁੱਖ ਮੰਤਰੀ ਮਾਨ ਵੱਲੋਂ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਤੇ ਜ਼ਮੀਨੀ ਪੱਧਰ ਉੱਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਜਾਵੇਗਾ।
ਦੱਸ ਦੀਏ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਬੰਧਨ ਲਈ ਤਿੰਨ ਕੈਬਨਿਟ ਮੰਤਰੀਆਂ ਦੀ ਕਮੇਟੀ ਤਿਆਰ ਕੀਤੀ ਗਈ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪਠਾਨਕੋਟ ਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ ਸੀ। ਮੁੱਖ ਮੰਤਰੀ ਵੱਲੋਂ ਆਪਣਾ ਸਰਕਾਰੀ ਹੈਲੀਕਾਪਟਰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਵਿੱਚ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ।