Sukhbir Singh Badal Attack Bullets Fired: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ ਹੈ। ਇਕ ਸ਼ਖਸ਼ ਨੇ ਉਨ੍ਹਾਂ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਨ੍ਹਾਂ ਦੇ ਨਾਲ ਮੌਜੂਦ ਲੋਕਾਂ ਨੇ ਉਸ ਸ਼ਖਸ਼ ਨੂੰ ਫੜ ਲਿਆ ਤੇ ਸੁਖਬੀਰ ਬਾਦਲ ਇਸ ਹਮਲੇ ਤੋਂ ਬਚਾ ਲਿਆ। ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਦੇ ਹਿੱਸੇ ਵਜੋਂ ‘ਸੇਵਾ’ ਕਰ ਰਹੇ ਸਨ।





ਜਾਣਕਾਰੀ ਲਈ ਦੱਸ ਦੇਈਏ ਕਿ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਖਸ਼ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗੋਲੀ ਚਲਾਉਣ ਵਾਲੇ ਸ਼ਖਸ਼ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ ਜਿਸ ਨੂੰ ਸਾਬਕਾ ਅੱਤਵਾਦੀ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਨਰਾਇਣ ਇਸ ਵੱਡੀ ਵਾਰਦਾਤ ਨੂੰ ਅੰਜ਼ਾਮ ਦੇ ਪਾਉਂਦਾ ਸੁਰੱਖਿਆ ਕਰਮੀਆਂ ਨੇ ਉਸ ਨੂੰ ਉੱਥੇ ਹੀ ਕਾਬੂ ਕਰ ਲਿਆ। 




 


ਉਧਰ, ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਸੇਵਕ ਵਾਂਗ ਸੇਵਾ ਕਰ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਮੈਂ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਦਾ ਹਾਂ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ 'ਤੇ ਹੱਥ ਰੱਖਿਆ ਤੇ ਉਹ ਬਚ ਗਏ। ਅਸੀਂ ਪਾਰਟੀ ਦੀ ਤਰਫੋਂ ਇਸ ਘਟਨਾ ਦੀ ਨਿਖੇਧੀ ਕਰਦੇ ਹਾਂ।



ਚੀਮਾ ਨੇ ਕਿਹਾ ਕਿ ਸਾਡੀ ਪਾਰਟੀ ਨੇ ਪੰਜਾਬ ਵਿੱਚ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਅੱਜ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕਰਨਾ ਚਾਹੁੰਦਾ ਹਾਂ ਕਿ ਕੀ ਦਰਬਾਰ ਸਾਹਿਬ ਦੇ ਬਾਹਰ ਅਜਿਹੇ ਸੇਵਾਦਾਰ 'ਤੇ ਹਮਲਾ ਕਰਨਾ ਗਲਤ ਨਹੀਂ ਹੈ। ਸੀਐਮ ਮਾਨ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਹਮਲਾਵਰ ਨੂੰ ਮੌਕੇ 'ਤੇ ਹੀ ਫੜ ਲਿਆ ਗਿਆ। ਚੀਮਾ ਨੇ ਕਿਹਾ ਕਿ ਮੈਂ ਸੁਰੱਖਿਆ ਕਰਮਚਾਰੀਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਦਲੇਰੀ ਨਾਲ ਉਨ੍ਹਾਂ ਨੂੰ ਬਚਾ ਲਿਆ।


ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਅਸੀਂ ਇਸ ਘਟਨਾ ਦੀ ਨਿੰਦਾ ਕਰਦੇ ਹਾਂ। ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣਾ ਕੋਈ ਵੱਡੀ ਪ੍ਰਾਪਤੀ ਨਹੀਂ। ਮੈਂ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਾ ਹਾਂ।