ਚੰਡੀਗੜ੍ਹ- ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ ਦੇਣ `ਤੇ ਫੈਸਲਾ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। 


ਪਾਰਟੀ ਦੇ ਸੀਨੀਅਰ ਆਗੂਆਂ ਦੀ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਪਾਰਟੀ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ(ਸੇਵਾਮੁਕਤ), ਜਗਦੀਸ਼ ਸਿੰਘ ਗਰਚਾ, ਸਰਵਣ ਸਿੰਘ ਫਿਲੌਰ ਅਤੇ ਸੁਖਵਿੰਦਰ ਸਿੰਘ ਔਲਖ਼ ਸ਼ਾਮਿਲ ਸਨ।


ਮੀਟਿੰਗ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਜਸਟਿਸ ਨਿਰਮਲ ਸਿੰਘ ਨੇ ਦੱਸਿਆ ਕਿ ਕਮੇਟੀ ਦੇ ਮੈਂਬਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ `ਤੇ ਕਾਫ਼ੀ ਸਮਾਂ ਵਿਚਾਰ-ਵਟਾਂਦਰਾ ਕੀਤਾ ਗਿਆ ਪਰ ਇਸ `ਤੇ ਕੋਈ ਫੈਸਲਾ ਨਹੀ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਪ੍ਰੈਲ ਮਹੀਨੇ ਦੇ ਪਹਿਲੇ ਜਾਂ ਦੂਜੇ ਹਫ਼ਤੇ ਵਿੱਚ ਪਾਰਟੀ ਦੇ ਜਿ਼ਲ੍ਹਾ ਪ੍ਰਧਾਨਾਂ ਨਾਲ ਇੱਕ ਮੀਟਿੰਗ ਕੀਤੀ ਜਾਵੇਗੀ। ਜਿਸ ਵਿੱਚ ਸਰਵਸੰਮਤੀ ਨਾਲ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ `ਤੇ ਫੈਸਲਾ ਕੀਤਾ ਜਾਵੇਗਾ।


ਜਸਟਿਸ ਨਿਰਮਲ ਸਿੰਘ ਦੇ ਦੱਸਿਆ ਕਿ ਵਿਧਾਨ ਸਭਾ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕਰਨ ਲਈ ਬੀਤੇ ਸਮੇਂ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਹੋਈ ਸੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਗਿਆ ਸੀ ਪਰ ਆਗੂਆਂ ਵੱਲੋਂ ਸ: ਢੀਂਡਸਾ ਦੀ ਕਾਰਗੁਜ਼ਾਰੀ `ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਅਸਤੀਫ਼ਾ ਨਾ ਦੇਣ ਲਈ ਕਿਹਾ ਗਿਆ। ਇਸ ਦੌਰਾਨ ਸ: ਢੀਂਡਸਾ ਦੇ ਅਸਤੀਫ਼ੇ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਦਬਾਅ ਵਧਣ ਤੋਂ ਬਾਅਦ ਇਸ ਸਬੰਧ ਵਿੱਚ ਫੈਸਲਾ ਲੈਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਸੀ।