Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾਅਵਾ ਕਰਦੇ ਹੋਏ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਫ਼ਸਲ ਵੇਚਣ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਪੰਜਾਬ ਵਿੱਚ ਸੁਚਾਰੂ ਅਤੇ ਸਮੇਂ ਸਿਰ ਖਰੀਦ ਦੇ ਇਤਿਹਾਸ ਨੂੰ ਦੁਹਰਾਏਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕਿਸਾਨਾਂ ਦੀ ਫ਼ਸਲ ਦਾ ਹਰ ਦਾਣਾ ਖਰੀਦਿਆ ਜਾਵੇਗਾ
ਮੰਗਲਵਾਰ ਨੂੰ ਇੱਕ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਜਲਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਉੱਥੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ। ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਜਾ ਚੁੱਕੇ ਹਨ। ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਕਮਾਈ ਗਈ ਫ਼ਸਲ ਦਾ ਹਰ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਮੌਜੂਦਾ ਸੀਜ਼ਨ ਦੀ ਝੋਨੇ ਦੀ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।
ਪੰਜਾਬ ਮੰਡੀ ਬੋਰਡ ਨੇ 2025-26 ਦੇ ਸਾਉਣੀ ਖਰੀਦ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ 1,822 ਨਿਯਮਤ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ। ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਵੀ ਕੀਤੀ। ਝੋਨੇ ਦੀ ਖਰੀਦ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨ ਲਈ ਪੂਰੀ ਖਰੀਦ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ। ਸਰਕਾਰ ਨੇ ਪੰਜਾਬ ਵਿੱਚ ਪਾਰਦਰਸ਼ੀ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।