Punjab News: ਕਿਸਾਨਾਂ ਵੱਲੋਂ 30 ਦਸੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਖ਼ੁਦ ਮੰਡੀ ਵਿੱਚ ਜਾ ਕੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਐਮਰਜੈਂਸੀ, ਮੈਡੀਕਲ ਤੇ ਸਿਹਤ ਸੇਵਾਵਾਂ, ਵਿਆਹ ਵਾਲੇ ਵਾਹਨ, ਅਹਿਮ ਇੰਟਰਵਿਊ ਲਈ ਜਾਂ ਹਵਾਈ ਅੱਡੇ 'ਤੇ ਵਿਦੇਸ਼ ਜਾਣ ਲਈ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ ਹੈ। ਬੰਦ ਦੌਰਾਨ ਇਨ੍ਹਾਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰਹੇਗਾ। ਪੰਜਾਬ ਬੰਦ ਦੀ ਜਾਣਕਾਰੀ ਦੇਣ ਵਾਲੇ ਪੋਸਟਰ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚ ਸਕੇ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕਾਂ ਅਤੇ ਰੇਲਾਂ ਵੀ ਜਾਮ ਕੀਤੀਆਂ ਜਾਣਗੀਆਂ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਕਾਰੋਬਾਰ ਬੰਦ ਕਰਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।


ਇਸ ਬੰਦ ਦੌਰਾਨ ਰੇਲ ਆਵਾਜਾਈ ਵੀ ਪੂਰੀ ਤਰ੍ਹਾਂ ਬੰਦ ਰਹੇਗੀ। ਬੰਦ ਨੂੰ ਪੂਰਨ ਤੌਰ ’ਤੇ ਸਫ਼ਲ ਬਣਾਉਣ ਲਈ ਕਿਸਾਨ ਖ਼ੁਦ ਸੜਕਾਂ ’ਤੇ ਉਤਰਨਗੇ। ਇਸ ਲਈ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਸਰਕਾਰੀ ਦਫ਼ਤਰ ਵੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।


ਦੂਜੇ ਪਾਸੇ ਮਿੰਨੀ ਬੱਸ ਅਪਰੇਟਰਜ਼ ਐਸੋਸੀਏਸ਼ਨ ਪੰਜਾਬ ਨੇ ਵੀ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮਿੰਨੀ ਬੱਸ ਅਪਰੇਟਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਅਤੇ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਲੜ ਰਹੀਆਂ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਜੋ ਫੈਸਲਾ ਲਿਆ ਹੈ, ਅਸੀਂ ਉਸ ਦਾ ਪੂਰਾ ਸਮਰਥਨ ਕਰਾਂਗੇ ਕਿਉਂਕਿ ਕਰਜ਼ੇ ਦਾ ਬੋਝ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਬੋਝ ਹੇਠ ਦੱਬੇ ਕਿਸਾਨ ਨੂੰ ਬਚਾਉਣ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੋਈ ਵੀ ਬੱਸ ਨਹੀਂ ਚੱਲੇਗੀ ਅਤੇ ਆਮ ਲੋਕਾਂ ਨੂੰ ਵੀ ਇਸ ਦਿਨ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਾ ਚਾਹੀਦਾ ਹੈ।