ਚੰਡੀਗੜ੍ਹ: ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਨੇ ਪੋਲਿੰਗ ਦਾ ਸਮਾਂ ਵਧਾਉਣ ਦੀ ਮੰਗ ਕਿਉਂ ਕੀਤੀ। ਕਮਿਸ਼ਨ ਨੇ ਇਸ ਨੂੰ ਚੋਣ ਪ੍ਰਕਿਰਿਆ ਵਿੱਚ ਬੇਲੋੜੀ ਦਖਲਅੰਦਾਜ਼ੀ ਤੇ ਵੋਟਰਾਂ ਦੇ ਕੁਝ ਵਰਗਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਕਮਿਸ਼ਨ ਨੇ ਕਿਹਾ ਕਿ ਰਿਟਰਨਿੰਗ ਅਫਸਰ ਵੱਲੋਂ ਪੱਤਰ ਤੇ ਉਸ ਤੋਂ ਬਾਅਦ ਮੁੱਖ ਸਕੱਤਰ ਵੱਲੋਂ ਸਮਾਂ ਵਧਾਉਣ ਦੀ ਕੀਤੀ ਗਈ ਬੇਨਤੀ ਬੇਲੋੜੀ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਹੈ। ਇਸ ਦਾ ਮਕਸਦ ਵੋਟਰਾਂ ਦੇ ਕੁਝ ਵਰਗਾਂ ਨੂੰ ਪ੍ਰਭਾਵਿਤ ਕਰਨਾ ਹੈ। ਕਮਿਸ਼ਨ ਨੇ ਚੋਣ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦੇ ਅਜਿਹੇ ਵਤੀਰੇ ਦੀ ਨਿੰਦਾ ਕੀਤੀ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਲਿਖੇ ਸਖ਼ਤ ਸ਼ਬਦਾਂ ਵਿੱਚ ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਦੇ ਨੋਟੀਫਿਕੇਸ਼ਨ ਦੌਰਾਨ ਪਹਿਲਾਂ ਹੀ ਕਾਰਨਾਂ ਦਾ ਹਵਾਲਾ ਦੇ ਕੇ ਪੋਲਿੰਗ ਵਾਲੇ ਦਿਨ ਦਾ ਸਮਾਂ ਵਧਾਉਣ ਦੀ ਮੰਗ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਦਰਅਸਲ, ਅਧਿਕਾਰੀਆਂ ਦਾ ਤਰਕ ਹੈ ਕਿ ਲੋਕ ਅਜੇ ਵੀ ਝੋਨੇ ਦੇ ਖੇਤ ਵਿੱਚ ਕੰਮ ਕਰ ਰਹੇ ਹਨ। ਇਸ ਕਾਰਨ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਕਾਰਨ ਉਦੋਂ ਵੀ ਪਤਾ ਸੀ ਜਦੋਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਸੀ।
ਪੱਤਰ ਵਿੱਚ ਕਿਹਾ ਗਿਆ ਹੈ, "ਮੈਨੂੰ ਇਹ ਦੱਸਣ ਦਾ ਨਿਰਦੇਸ਼ ਦਿੱਤਾ ਗਿਆ ਹੈ ਕਿ ਮੁੱਖ ਸਕੱਤਰ ਤੇ ਰਿਟਰਨਿੰਗ ਅਫਸਰ ਤੋਂ ਕਾਰਨਾਂ ਤੇ ਹਾਲਾਤਾਂ ਤੇ ਤਾਜ਼ਾ ਤੱਥਾਂ ਬਾਰੇ ਵਿਸਤ੍ਰਿਤ ਸਪੱਸ਼ਟੀਕਰਨ ਮੰਗਿਆ ਜਾਵੇਗਾ ਕਿ ਅਜਿਹੇ ਪੱਤਰ ਪੋਲਿੰਗ ਵਾਲੇ ਦਿਨ ਦੁਪਹਿਰ ਨੂੰ ਅਜਿਹੇ ਪੱਤਰ ਲਿਖਣ ਦੀ ਲੋੜ ਕਿਉਂ ਪਈ? ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਬਾਰੇ ਅਗਲਾ ਫੈਸਲਾ ਲੈਣ ਲਈ ਅੱਜ ਯਾਨੀ 24 ਜੂਨ ਦੁਪਹਿਰ 1.00 ਵਜੇ ਤੱਕ ਕਮਿਸ਼ਨ ਕੋਲ ਪਹੁੰਚਣ ਲਈ ਕਿਹਾ ਗਿਆ ਹੈ।"