Paddy Season in Punjab: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ 20 ਮਈ ਤੋਂ ਹੀ ਲਾਇਆ ਜਾ ਸਕੇਗਾ।



ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਪੀਆਰ ਕਿਸਮਾਂ ਨੂੰ ਹੀ ਅਪਣਾਉਣਾ ਚਾਹੀਦਾ ਹੈ।


 






ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਤੇ 21 ਜੂਨ ਨੂੰ ਸ਼ੁਰੂ ਹੋਵੇਗੀ। ਬਿਜਾਈ ਦੀ ਪੜਾਅ ਵਾਰ ਵਿਧੀ ਨੂੰ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਪੜਾਅ ਵਿੱਚ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ। ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਪਠਾਨਕੋਟ, ਸ੍ਰੀ ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨ ਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ ਜਦੋਂ ਕਿ ਪਿਛਲੇ ਵਰ੍ਹੇ ਇਸ ਜ਼ੋਨ ਵਿਚ ਲੁਆਈ 14 ਜੂਨ ਨੂੰ ਸ਼ੁਰੂ ਹੋਈ ਸੀ। 



ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫ਼ਾਜ਼ਿਲਕਾ, ਬਠਿੰਡਾ ਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਸਾਰੇ ਜ਼ੋਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।