Punjab News: ਪੰਜਾਬ ਦੇ ਹਾਲਾਤ ਅਜੇ ਬਣਦੇ ਜਾ ਰਹੇ ਹਨ ਕਿ ਇੱਥੋਂ ਦਾ ਹਰ ਸ਼ਖਸ ਬਾਹਰ ਜਾਣ ਲਈ ਕਾਹਲਾ ਜਾਪਦਾ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਲਗਪਗ ਤਿੰਨ ਕਰੋੜ ਦੀ ਆਬਾਦੀ ਵਾਲੇ ਇਸ ਸੂਬੇ ਵਿੱਚ 77.17 ਲੱਖ ਲੋਕਾਂ ਨੇ ਪਾਸਪੋਰਟ ਬਣਵਾਏ ਹੋਏ ਹਨ। ਉਂਝ ਪੰਜਾਬ ਵਿੱਚ ਸ਼ੁਰੂ ਤੋਂ ਹੀ ਵਿਦੇਸ਼ਾਂ ਵਿੱਚ ਸੈਟਲ ਹੋਣ ਦੀ ਪ੍ਰਵਿਰਤੀ ਵੱਧ ਹੈ ਪਰ ਪਿਛਲੇ ਕੁਝ ਸਮੇਂ ਵਿੱਚ ਇਹ ਰੁਝਾਨ ਸ਼ਿਖਰਾਂ 'ਤੇ ਹੈ। 


ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਤਾਜ਼ਾ ਵੇਰਵਿਆਂ ਅਨੁਸਾਰ ਦੇਸ਼ ਭਰ ਵਿੱਚ 9.58 ਕਰੋੜ ਪਾਸਪੋਰਟ ਹੋਲਡਰ ਹਨ ਤੇ ਪੰਜਾਬ ਇਸ ਸੂਚੀ ਵਿੱਚ ਸਮੁੱਚੇ ਦੇਸ਼ ’ਚੋਂ ਚੌਥੇ ਨੰਬਰ ’ਤੇ ਆਉਂਦਾ ਹੈ। ਪਹਿਲੇ ਨੰਬਰ ’ਤੇ 1.12 ਕਰੋੜ ਪਾਸਪੋਰਟਾਂ ਨਾਲ ਕੇਰਲਾ ਹੈ, ਜਦਕਿ ਦੂਸਰਾ ਨੰਬਰ 1.04 ਕਰੋੜ ਪਾਸਪੋਰਟਾਂ ਨਾਲ ਮਹਾਰਾਸ਼ਟਰ ਦਾ ਹੈ। ਉੱਤਰ ਪ੍ਰਦੇਸ਼ ਵਿੱਚ 87.03 ਲੱਖ ਪਾਸਪੋਰਟ ਬਣੇ ਹਨ, ਜੋ ਤੀਜੇ ਨੰਬਰ ’ਤੇ ਹੈ। ਇਸੇ ਤਰ੍ਹਾਂ ਪੰਜਾਬ 67.26 ਲੱਖ ਪਾਸਪੋਰਟਾਂ ਨਾਲ ਚੌਥੇ ਸਥਾਨ ’ਤੇ ਹੈ। ਦਿੱਲੀ ’ਚ 39.06 ਲੱਖ ਤੇ ਚੰਡੀਗੜ੍ਹ ਵਿਚ 3.16 ਲੱਖ ਪਾਸਪੋਰਟ ਹਨ। 


ਹਾਸਲ ਜਾਣਕਾਰੀ ਅਨੁਸਾਰ 2017 ਤੋਂ ਸਟੱਡੀ ਵੀਜ਼ੇ ’ਤੇ ਜਾਣ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵਧਿਆ ਹੈ। 2022 ਦੇ ਨਵੰਬਰ ਮਹੀਨੇ ਤੱਕ 7.40 ਲੱਖ ਪਾਸਪੋਰਟ ਬਣ ਚੁੱਕੇ ਹਨ, ਜਦਕਿ 2021 ਵਿੱਚ 6.44 ਲੱਖ ਪਾਸਪੋਰਟ ਬਣਾਏ ਗਏ ਸਨ। ਜੇਕਰ ਜ਼ਿਲ੍ਹਾ ਵਾਰ ਨਜ਼ਰ ਮਾਰੀਏ ਤਾਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 9.58 ਲੱਖ ਪਾਸਪੋਰਟ ਹਨ ਜਦਕਿ ਲੁਧਿਆਣਾ ਜ਼ਿਲ੍ਹੇ ਵਿੱਚ 7.28 ਲੱਖ, ਹੁਸ਼ਿਆਰਪੁਰ ਵਿੱਚ 5.67 ਲੱਖ, ਪਟਿਆਲਾ ਜ਼ਿਲ੍ਹੇ ਵਿੱਚ 4.88 ਲੱਖ, ਸੰਗਰੂਰ ਜ਼ਿਲ੍ਹੇ ਵਿੱਚ 3.20 ਲੱਖ, ਬਠਿੰਡਾ ਜ਼ਿਲ੍ਹੇ ਵਿੱਚ 2.47 ਲੱਖ ਤੇ ਮਾਨਸਾ ਜ਼ਿਲ੍ਹੇ ਵਿੱਚ 86,352 ਪਾਸਪੋਰਟ ਮੌਜੂਦ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।