ਪੰਜਾਬ ਵਿੱਚ ਕਿਸਾਨਾਂ ਨੇ ਇੱਕ ਵਾਰ ਫਿਰ ਵੱਡਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ 25 ਅਗਸਤ ਨੂੰ ਕੇਂਦਰ ਸਰਕਾਰ ਦੇ ਖਿਲਾਫ ਦਿੱਲੀ 'ਚ ਧਰਨਾ ਪ੍ਰਦਰਸ਼ਨ ਕਰਨ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ 15 ਜੁਲਾਈ ਨੂੰ ਫਰੀਦਕੋਟ ਵਿੱਚ ਸਾਂਝਾ ਕਿਸਾਨ ਮੋਰਚਾ ਦੇ ਨੇਤਾ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦਿੱਤੀ। ਉਨ੍ਹਾਂ ਨੇ ਸਰਕਾਰਾਂ ਦੇ ਖਿਲਾਫ ਤਿੱਖੇ ਬਿਆਨ ਦਿੱਤੇ ਅਤੇ ਦੱਸਿਆ ਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਇਕੱਠੇ ਹੋ ਰਹੇ ਹਨ।
ਇਨ੍ਹਾਂ ਮੁੱਦਿਆਂ ਨੂੰ ਲੈ ਕੇ 25 ਅਗਸਤ ਨੂੰ ਹੋਏ ਵੱਡਾ ਐਕਸ਼ਨ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕਾਫੀ ਸਮੇਂ ਤੋਂ ਲੰਬਿਤ ਪਈਆਂ ਹਨ। ਉਨ੍ਹਾਂ ਦੱਸਿਆ ਕਿ MSP ਦੀ ਗਾਰੰਟੀ, ਕਰਜ਼ਾ ਮੁਆਫੀ, ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰਨ ਸਮੇਤ ਹੋਰ ਕਈ ਮੰਗਾਂ ਹਜੇ ਤੱਕ ਪੂਰੀਆਂ ਨਹੀਂ ਹੋਈਆਂ। ਇਨ੍ਹਾਂ ਮੁੱਦਿਆਂ ਨੂੰ ਲੈ ਕੇ 25 ਅਗਸਤ ਨੂੰ ਦਿੱਲੀ ਵਿੱਚ ਇੱਕ ਦਿਨਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਦੇਸ਼ ਭਰ ਦੇ ਕਿਸਾਨ ਸੰਘਠਨ ਹਿੱਸਾ ਲੈਣਗੇ। ਇਸ ਧਰਨੇ ਨੂੰ ਲੈ ਕੇ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਵੀ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾਣਗੀਆਂ। ਡੱਲੇਵਾਲ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਮਿਲ ਕੇ ਲਿਆਂਦੇ ਜਾ ਰਹੇ ਇੱਕ ਪ੍ਰੋਜੈਕਟ 'ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਇਹ ਨਾ ਸਿਰਫ ਕਿਸਾਨਾਂ ਲਈ, ਸਗੋਂ ਆਮ ਲੋਕਾਂ ਲਈ ਵੀ ਨੁਕਸਾਨਦਾਇਕ ਹੈ, ਇਸ ਲਈ ਇਸਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ।