ਪੰਜਾਬ ਸਰਕਾਰ ਕਰੇਗੀ ਪੁਰਾਣੀ ਪੈਨਸ਼ਨ ਸਕੀਮ ਬਹਾਲ? ਵਿੱਤ ਮੰਤਰੀ ਹਰਪਾਲ ਚੀਮਾ ਨੇ ਜਥੇਬੰਦੀਆਂ ਨੂੰ ਦਿੱਤਾ ਇਹ ਜਵਾਬ
ਚੰਡੀਗੜ੍ਹ: ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੋ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਦੋਵੇਂ ਮੀਟਿੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਚੰਡੀਗੜ੍ਹ: ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਵਲ ਸਕੱਤਰੇਤ ਵਿੱਚ ਸੀਪੀਐਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਪ੍ਰਧਾਨ ਗੁਰਜੰਟ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਆਏ ਵਫ਼ਦਾਂ ਨਾਲ ਦੋ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਦੋਵੇਂ ਮੀਟਿੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਮੌਜੂਦ ‘ਆਪ’ ਦੇ ਮੁਲਾਜ਼ਮ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਤੇ ਮੁਲਾਜ਼ਮ ਆਗੂ ਦਰਸ਼ਨ ਸਿੰਘ ਪਤਲੀ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਦਾ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰ ਅਧੀਨ ਹੈ ਤੇ ਜਲਦ ਹੀ ਸੂਬਾ ਸਰਕਾਰ ਇਸ ਸਬੰਧੀ ਕੋਈ ਠੋਸ ਫ਼ੈਸਲਾ ਲੈਣ ਜਾ ਰਹੀ ਹੈ।
ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਵਿੱਤ ਸਕੱਤਰ ਅਮਨਦੀਪ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਵਿੱਤ ਮੰਤਰੀ ਨੂੰ ਸਪੱਸ਼ਟ ਕੀਤਾ ਗਿਆ ਕਿ ਜੇਕਰ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾਵੇਗੀ ਤਾਂ ਕਾਂਗਰਸ ਸਰਕਾਰ ਦੀ ਵਾਂਗ ‘ਆਪ’ ਵੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਹਿਣ ਲਈ ਤਿਆਰ ਰਹੇ। ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਐਨਪੀਐਸ ਮੁਲਾਜ਼ਮਾਂ ’ਤੇ ਲਾਗੂ ਕੀਤੀ ਗਈ ਫੈਮਿਲੀ ਪੈਨਸ਼ਨ ਦੇ ਮੁੱਦੇ ’ਤੇ ਵੀ ਚਰਚਾ ਹੋਈ, ਜਿਸ ਮਗਰੋਂ ਮੰਤਰੀ ਨੇ ਇਸ ਅਧੀਨ ਆਉਂਦੇ ਪਰਿਵਾਰਾਂ/ਕੇਸਾਂ ਦੀ ਸੂਚੀ ਮੰਗੀ ਹੈ।
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਚੰਡੀਗੜ੍ਹ ਵੱਲੋਂ ਸੂਬਾਈ ਆਗੂ ਕਰਤਾਰ ਪਾਲ ਸਿੰਘ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਨਾਲ ਪ੍ਰਾਈਵੇਟ ਕੰਪਨੀਆਂ ਕੋਲੋਂ ਲਗਪਗ 15 ਹਜ਼ਾਰ ਕਰੋੜ ਰੁਪਏ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਆ ਜਾਣਗੇ ਤੇ ਸਰਕਾਰੀ ਖਜ਼ਾਨੇ ’ਤੇ ਕੋਈ ਬੋਝ ਨਹੀਂ ਪਵੇਗਾ। ਇਸ ਤੋਂ ਇਲਾਵਾ ਪੇਂਡੂ ਏਰੀਆ ਭੱਤਾ, ਬਾਰਡਰ ਭੱਤਾ, ਕਮਿਸ਼ਨ ਦੀ ਰਿਪੋਰਟ ਸਹੀ ਢੰਗ ਨਾਲ ਲਾਗੂ ਕਰਨ ਤੇ ਮਹਿੰਗਾਈ ਭੱਤੇ ਬਕਾਇਆ ਜਾਰੀ ਕਰਨ ਦੀ ਅਪੀਲ ਵੀ ਮੰਤਰੀ ਨੂੰ ਕੀਤੀ ਗਈ।