ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ 'ਤੇ ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਮਨ ਅਰੋੜਾ ਅਤੇ ਹਰਪਾਲ ਚੀਮਾ ਦੇ ਖਿਲਾਫ਼ FIR ਦਰਜ ਹੋਈ ਹੈ। ਇਸ ਦੀ ਜਾਣਕਾਰੀ ਪ੍ਰਤਾਪ ਸਿੰਘ ਬਾਜਵਾ ਨੇ ਦਿੱਤੀ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ,  “ਪਿਛਲੇ 3 ਸਾਲਾਂ ਤੋਂ ਇਹ ਨਕਲੀ ਇਨਕਲਾਬੀਆਂ ਦੀ ਟੋਲੀ ਝੂਠ ਬੋਲਣ, ਝੂਠੇ ਕੰਮ ਕਰਨ ਅਤੇ ਵੀਡੀਓ ਨਾਲ ਛੇੜਛਾੜ ਕਰਨ ਵਿੱਚ ਪੀ.ਐਚ.ਡੀ ਕਰ ਚੁੱਕੀ ਹੈ। ਮੈਂ ਇਸ ਸਬੰਧੀ ਚੰਡੀਗੜ੍ਹ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਅੱਜ ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਆਪ ਪ੍ਰਦੇਸ਼ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ, ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 336(4), 356 ਅਤੇ 61/2 ਅਧੀਨ ਮਾਮਲਾ ਦਰਜ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ, "ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਵੀ ਜਾਂਚ ਜਾਰੀ ਹੈ। ਅਸੀਂ ਭਗਵੰਤ ਮਾਨ ਖ਼ਿਲਾਫ਼ ਸਾਰੇ ਜ਼ਰੂਰੀ ਸਬੂਤ ਇਕੱਠੇ ਕਰ ਲਏ ਹਨ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਅਮਨ ਅਰੋੜਾ ਅਤੇ ਹਰਪਾਲ ਚੀਮਾ 'ਤੇ ਕੇਸ ਦਰਜ ਹੋਇਆ ਹੈ, ਓਸੇ ਤਰ੍ਹਾਂ ਜਲਦੀ ਹੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।"

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਖੀ ਗਈ ਇਹ ਗੱਲ

ਪ੍ਰਤਾਪ ਬਾਜਵਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਨੂੰ ਲੈ ਕੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਪ੍ਰਤਾਪ ਬਾਜਵਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਦਾ ਸਵਾਗਤ ਕਰਦਾ ਹਾਂ। ਪੰਜਾਬ ਦੀ ਜਨਤਾ ਦੇਖ ਰਹੀ ਹੈ ਕਿ ਪ੍ਰਤਾਪ ਬਾਜਵਾ ਅਤੇ ਕਾਂਗਰਸ ਦੀ ਲੀਡਰਸ਼ਿਪ ਨੇ ਸਮੇਂ-ਸਮੇਂ 'ਤੇ ਆਪਣੇ ਰੁਖ 'ਚ ਕਿਵੇਂ ਯੂ-ਟਰਨ ਲਏ ਹਨ। ਹਰ ਕਿਸੇ ਨੇ ਵੇਖਿਆ ਹੈ ਕਿ ਕਿਵੇਂ ਕਾਂਗਰਸ ਪਾਰਟੀ ਨੇ ਭਾਜਪਾ ਨਾਲ ਮਿਲ ਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਝੂਠੇ ਮਾਮਲਿਆਂ 'ਚ ਫਸਾਉਣ ਦੀ ਕੋਸ਼ਿਸ਼ ਕੀਤੀ ਹੈ।”

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।