Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਲੰਘੇ ਦਿਨੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 



ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ।


ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ 'ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀਐਸਪੀਸੀਐਲ ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।


ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈਸੀ ਬੈਗ) ਖਰੀਦੇ ਗਏ ਹਨ ਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ।


ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।