Punjab News: ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਝਟਕਾ ਦਿੱਤਾ ਗਿਆ ਹੈ। ਅਦਾਲਤ ਵੱਲੋਂ ਭਗਵਾਨਪੁਰੀਆ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ ਜਿਸ 'ਚ ਜੱਗੂ ਦੀ ਮਾਂ ਵੱਲੋਂ ਆਪਣੇ ਪੁੱਤ ਲਈ ਬੁਲੇਟ ਪਰੂਫ ਜੈਕਟ ਤੇ ਗੱਡੀ ਦੀ ਮੰਗ ਕੀਤੀ ਗਈ ਸੀ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੱਗੂ ਭਗਵਾਨਪੁਰੀਆ ਦੀ ਮਾਂ ਨੇ ਵੀ ਪੁੱਤ ਦੀ ਜਾਨ ਨੂੰ ਖਤਰਾ ਦੱਸਦੇ ਹੋਏ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਭਗਵਾਨਪੁਰੀਆ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਸਮੇਂ ਬੁਲੇਟ ਪਰੂਫ ਜੈਕਟ ਤੇ ਗੱਡੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਸੀ। ਹੁਣ ਅਦਾਲਤ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਹੈ ਕਿ ਉਸ ਨੂੰ ਦਿੱਲੀ ਅਦਾਲਤ 'ਚ ਪਟੀਸ਼ਨ ਪਾਉਣੀ ਚਾਹੀਦੀ ਹੈ। ਜੱਗੂ ਭਗਵਾਨਪੁਰੀਆ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਜਦੋਂ ਤੋਂ ਪੁਲਿਸ ਵੱਲੋਂ ਗੈਂਗਸਟਰਾਂ ਤੋਂ ਪੁੱਛਗਿੱਛ ਕਰਨ ਦੀ ਗੱਲ ਆਖੀ ਗਈ ਸੀ ਜਿਸ ਮਗਰੋਂ ਹੁਣ ਭਗਵਾਨਪੁਰੀਆ ਨੂੰ ਜਾਨ ਦਾ ਖਤਰਾ ਸਤਾਉਣ ਲੱਗਿਆ ਹੈ। ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਸ਼ਾਹਰੁਖ ਨੂੰ ਫੜਿਆ ਸੀ। ਉਸ ਨੇ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਗੈਂਗਸਟਰ ਲਾਰੈਂਸ ਨਾਲ ਜੱਗੂ ਭਗਵਾਨਪੁਰੀਆ ਵੀ ਸ਼ਾਮਲ ਹੈ।
ਜੱਗੂ ਭਗਵਾਨਪੁਰੀਆ ਨੂੰ ਡਰ ਹੈ ਕਿ ਜੇਕਰ ਉਸ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਤਾਂ ਉਸ ਦਾ ਕਤਲ ਹੋ ਸਕਦਾ ਹੈ। ਇਸ ਦਾ ਪੰਜਾਬ ਪੁਲਿਸ ਨਾਲ ਮੁਕਾਬਲਾ ਹੋਣ ਦਾ ਵੀ ਸ਼ੱਕ ਹੈ। ਇਸ ਕਾਰਨ ਉਸ ਦੀ ਮਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀ ਸੀ।
ਦੱਸ ਦਈਏ ਕਿ ਤਿਹਾੜ ਜੇਲ੍ਹ 'ਚ ਹੀ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਵੀ ਬਾਅਦ 'ਚ ਖਾਰਜ ਕਰ ਦਿੱਤਾ ਗਿਆ ਸੀ । ਮੂਸੇਵਾਲਾ ਦੇ ਕਤਲ ਹੋਣ ਤੋਂ ਬਾਅਦ ਬਿਸ਼ਨੋਈ ਨੂੰ ਵੀ ਐਨਕਾਊਂਟਰ ਹੋਣ ਦਾ ਡਰ ਸਤਾਉਣ ਲੱਗਿਆ ਹੈ। ਪਟੀਸ਼ਨ 'ਚ ਉਸ ਨੇ ਮੰਗ ਕੀਤੀ ਸੀ ਕਿ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਨਾ ਕੀਤਾ ਜਾਵੇ।