Punjab News: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਅੱਜ 4 ਜੁਲਾਈ ਨੂੰ ਇਕ ਵਾਰ ਫਿਰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਦੌਰਾਨ ਉਨ੍ਹਾਂ ਨੂੰ ਮਿਲੇ ਨਵੇਂ ਚਾਰ ਦਿਨਾਂ ਦੇ ਰਿਮਾਂਡ 'ਤੇ ਬਹਿਸ ਹੋਏਗੀ। ਵੀਰਵਾਰ ਨੂੰ ਇਹ ਕੇਸ ਅਦਾਲਤ ਵਿੱਚ ਲੱਗਾ ਸੀ, ਪਰ ਰਿਮਾਂਡ ਦੇ ਆਰਡਰ ਅਦਾਲਤ ਤੱਕ ਨਾ ਪਹੁੰਚਣ ਕਾਰਨ ਸੁਣਵਾਈ ਟਾਲ ਦਿੱਤੀ ਗਈ। ਹਾਲਾਂਕਿ ਸੁਣਵਾਈ ਮੁਕੰਮਲ ਹੋਣ ਦੇ ਕੁਝ ਸਮੇਂ ਬਾਅਦ ਹੀ ਆਰਡਰ ਦੀ ਕਾਪੀ ਅਦਾਲਤ 'ਚ ਪਹੁੰਚ ਗਈ ਸੀ।
ਰਿਮਾਂਡ ਅਤੇ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ
ਮਜੀਠੀਆ ਵੱਲੋਂ ਦਾਇਰ ਕੀਤੀ ਗਈ ਯਾਚਿਕਾ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਕਰਾਰ ਦਿੰਦਿਆਂ ਰਿਮਾਂਡ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਗਲਤ ਢੰਗ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ। 25 ਜੂਨ ਦੀ ਸਵੇਰ ਲਗਭਗ 9 ਵਜੇ ਪੁਲਿਸ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਪਹੁੰਚੀ ਸੀ, ਪਰ 11:20 ਵਜੇ ਤੱਕ ਉਨ੍ਹਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਨਾਲ ਪ੍ਰੇਰਿਤ ਦੱਸਿਆ ਹੈ। ਅਕਾਲੀ ਦਲ ਵੱਲੋਂ ਵੀ ਦਾਅਵਾ ਕੀਤਾ ਗਿਆ ਹੈ ਕਿ ਇਹ ਮਾਮਲਾ ਉਸ ਰਿਪੋਰਟ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ, ਜਿਸਨੂੰ ਸਪਰੀਮ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਉਚਤਮ ਅਦਾਲਤ ਵਿੱਚ ਵੀ ਪੰਜਾਬ ਸਰਕਾਰ ਦੇ ਵਕੀਲਾਂ ਨੇ ਇਹੀ ਤੱਥ ਰਖੇ ਸਨ।
ਇਸ ਤੋਂ ਪਹਿਲਾਂ 2 ਜੁਲਾਈ ਨੂੰ ਮਜੀਠੀਆ ਨੂੰ ਸੱਤ ਦਿਨਾਂ ਦੇ ਰਿਮਾਂਡ ਸਮਾਪਤ ਹੋਣ 'ਤੇ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਅਦਾਲਤ ਵਿੱਚ ਦੱਸਿਆ ਗਿਆ ਕਿ ਜਾਂਚ ਦੌਰਾਨ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੁਝ ਨਵੇਂ ਤੱਥ ਸਾਹਮਣੇ ਆਏ ਹਨ। ਨਾਲ ਹੀ ਇਹ ਵੀ ਕਿਹਾ ਗਿਆ ਕਿ ਉਨ੍ਹਾਂ ਨੂੰ ਯੂ.ਪੀ. ਦੇ ਗੋਰਖਪੁਰ ਜਾ ਕੇ ਮਾਮਲੇ ਦੀ ਜਾਂਚ ਕਰਨੀ ਹੈ। ਸਾਰੇ ਤੱਥ ਸੁਣਨ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 4 ਦਿਨਾਂ ਦਾ ਹੋਰ ਰਿਮਾਂਡ ਦਿੱਤਾ। ਹੁਣ ਇਹ ਰਿਮਾਂਡ ਐਤਵਾਰ ਨੂੰ ਖਤਮ ਹੋ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਵੱਲੋਂ ਰਿਮਾਂਡ ਨੂੰ ਲੈ ਕੇ ਦਾਇਰ ਕੀਤੀ ਗਈ ਯਾਚਿਕਾ 'ਤੇ ਹਾਈਕੋਰਟ ਵਿੱਚ ਸੁਣਵਾਈ ਹੋਈ। ਪਰ ਰਿਮਾਂਡ ਦੀ ਕਾਪੀ ਅਦਾਲਤ ਵਿੱਚ ਨਾ ਪਹੁੰਚਣ ਕਰਕੇ ਸੁਣਵਾਈ ਨੂੰ ਟਾਲਣਾ ਪਿਆ। ਅੱਜ ਅਦਾਲਤ ਵਿੱਚ ਨਵੇਂ ਆਰਡਰ ਪਹੁੰਚਣਗੇ, ਜਿਸ ਤੋਂ ਬਾਅਦ ਇਸ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ।