Punjab News: ਰਾਜਸਥਾਨ ਨੂੰ 700 ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਛੱਡਿਆ ਜਾ ਰਿਹਾ? ਅਕਾਲੀ ਦਲ ਨੇ ਖੋਲ੍ਹਿਆ ਮੋਰਚਾ
ਪੰਜਾਬ ਵਿੱਚ ਪਾਣੀਆਂ ਦਾ ਮਸਲਾ ਮੁੜ ਗਰਮਾ ਗਿਆ ਹੈ। ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਉੱਪਰ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਦੇ ਇਲਜ਼ਾਮ ਲਾ ਰਹੀਆਂ ਹਨ। ਬੇਸ਼ੱਕ ਸੀਐਮ ਭਗਵੰਤ ਮਾਨ ਨੇ ਇਸ ਗੱਲ਼ ਤੋਂ ਇਨਕਾਰ ਕੀਤਾ ਹੈ...
Punjab News: ਪੰਜਾਬ ਵਿੱਚ ਪਾਣੀਆਂ ਦਾ ਮਸਲਾ ਮੁੜ ਗਰਮਾ ਗਿਆ ਹੈ। ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਉੱਪਰ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਦੇ ਇਲਜ਼ਾਮ ਲਾ ਰਹੀਆਂ ਹਨ। ਬੇਸ਼ੱਕ ਸੀਐਮ ਭਗਵੰਤ ਮਾਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਵੱਲੋਂ ਅੱਜ ਅਬੋਹਰ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਧਰਨਾ ਦਿੱਤਾ ਜਾ ਰਿਹਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ 700 ਕਿਊਸਿਕ ਪਾਣੀ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ ਛੱਡਿਆ ਜਾ ਰਿਹਾ ਹੈ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦਾ ਰਾਖਾ ਹੈ। ਇਸ ਨਾਤੇ ਉਹ ‘ਆਪ’ ਸਰਕਾਰ ਵੱਲੋਂ ਪੰਜਾਬ ਦਾ ਦਰਿਆਈ ਪਾਣੀ ਚੁੱਪਚਾਪ ਰਾਜਸਥਾਨ ਨੂੰ ਦਿੱਤੇ ਜਾਣ ਦੇ ਕੀਤੇ ਕਰਾਰ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ।
ਸੁਖਬੀਰ ਨੇ ਕਿਹਾ ਕਿ ਉਨ੍ਹਾਂ ਭਗਵੰਤ ਮਾਨ ਨੂੰ ਇਸ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਿਆ ਸੀ ਪਰ ਇੱਕ ਦਿਨ ਬੀਤਣ ਦੇ ਬਾਵਜੂਦ ਮੁੱਖ ਮੰਤਰੀ ਨੇ ਚੁੱਪ ਵੱਟੀ ਹੋਈ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਗਿਆ ਫੈਸਲਾ ਪੰਜਾਬ ਤੇ ਪੰਥ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਕੀਤੇ ਜਾ ਰਹੇ ਧੋਖਿਆਂ ਦੀ ਲਗਾਤਾਰਤਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੀ ਅਗਵਾਈ ਕੀਤੀ ਤੇ ਇਹ ਪਾਣੀ ਹਰਿਆਣਾ ਤੇ ਦਿੱਲੀ ਨੂੰ ਦਿੱਤੇ। ਭਗਵੰਤ ਮਾਨ ਇਸ ਲੁੱਟ ਪ੍ਰਤੀ ਅੱਖਾਂ ਮੀਟਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਪੱਸ਼ਟ ਹੈ ਕਿ ਕੇਜਰੀਵਾਲ ਦੀ ਹਦਾਇਤ ’ਤੇ ਭਗਵੰਤ ਮਾਨ ਨੇ ਹੁਣ ਰਾਜਸਥਾਨ ਨੂੰ ਵਾਧੂ ਦਰਿਆਈ ਪਾਣੀ ਦੇਣ ਦੇ ਇਕਰਾਰ ’ਤੇ ਸਹੀ ਪਾਈ ਹੈ, ਜਿਸ ਨਾਲ ਪੰਜਾਬ ਦੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਦੀ ਤਬਾਹੀ ਹੋਰ ਵਧ ਜਾਵੇਗੀ ਤੇ ਸੂਬੇ ਦੇ ਅਰਥਚਾਰੇ ਨੂੰ ਵੀ ਵੱਡੀ ਸੱਟ ਵੱਜੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਤਾਂ ਪਹਿਲਾਂ ਹੀ ਪਾਣੀ ਨੂੰ ਤਰਸ ਰਹੇ ਹਨ ਪਰ ਪੰਜਾਬ ਦੀ ‘ਆਪ’ ਸਰਕਾਰ ਬਾਹਰੀ ਸੂਬਿਆਂ ਨੂੰ ਪਾਣੀ ਲੁਟਾ ਰਹੀ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਲਈ ਹੀ ਇਸ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਥਾਂ ਮੰਗ ਕੇ ਚੰਡੀਗੜ੍ਹ ’ਤੇ ਆਪਣੇ ਦਾਅਵੇ ਦਾ ਆਤਮ-ਸਮਰਪਣ ਕਰ ਦਿੱਤਾ ਸੀ।