Punjab News: 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ। ਜਿੱਥੇ ਇਸ ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਦਲਜੀਤ ਚੀਮਾ ਨੇ ਜਾਣਕਾਰੀ ਦਿੱਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਕੀਤੀ ਜਾਵੇਗੀ।

ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਏਗੀ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਆਮ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ। ਇਹ ਮੀਟਿੰਗ ਜਿਸ ਦੀ ਪ੍ਰਧਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਵਿਚ ਇਹ ਵੀ ਫੈਸਲਾ ਲਿਆ ਗਿਆ ਕਿ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ। 

SAD ਨੂੰ ਤਬਾਹ ਕਰਨ ਲਈ ਕਈ ਸਾਜ਼ਿਸ਼ਾਂ ਕੀਤੀਆਂ ਗਈਆਂ-ਚੀਮਾ

ਡਾ.ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਅੰਮ੍ਰਿਤਸਰ ਵਿੱਚ ਕੀਤੀ ਜਾਵੇਗੀ। ਅੰਮ੍ਰਿਤਸਰ ਵਿੱਚ 12 ਅਪ੍ਰੈਲ ਨੂੰ ਦੁਪਹਿਰ 1 ਵਜੇ ਜਨਰਲ ਹਾਊਸ ਬੁਲਾਇਆ ਗਿਆ ਹੈ। ਚੀਮਾ ਨੇ ਕਿਹਾ ਕਿ 27 ਲੱਖ ਮੈਂਬਰ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਸਾਰਿਆਂ ਦਾ ਧੰਨਵਾਦੀ ਹਨ। ਇਸ ਦੌਰਾਨ ਚੀਮਾ ਨੇ ਵਿਰੋਧੀਆਂ ‘ਤੇ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਤਬਾਹ ਕਰਨ ਲਈ ਕਈ ਸਾਜ਼ਿਸ਼ਾਂ ਰਚੀਆਂ ਗਈਆਂ। ਪਰ ਵਿਰੋਧੀ ਇਸ ਵਿੱਚ ਸਫਲ ਨਹੀਂ ਹੋ ਸਕੇ।

ਪਿਛਲੇ ਸਾਲ ਦਿੱਤਾ ਸੀ ਸੁਖਬੀਰ ਬਾਦਲ ਨੇ ਅਸਤੀਫਾ

16 ਨਵੰਬਰ, 2024 ਨੂੰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਸੀ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਤੋਂ ਬਾਅਦ ਅਕਾਲੀ ਦਲ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ? ਇਸ ਸਬੰਧ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਅਜਿਹੀ ਸਥਿਤੀ ਵਿੱਚ, ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਨੂੰ ਲੈ ਕੇ ਵੀ ਵਿਵਾਦ ਪੈਦਾ ਹੋ ਗਿਆ। ਹਾਲ ਹੀ ਵਿੱਚ, ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਵਾਰ-ਵਾਰ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ, ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਇੱਕ ਸਮੂਹ ਨੇ ਸੁਖਬੀਰ ਸਿੰਘ ਬਾਦਲ ਵਿਰੁੱਧ ਬਗਾਵਤ ਕਰ ਦਿੱਤੀ ਸੀ ਅਤੇ ਮੰਗ ਕੀਤੀ ਸੀ ਕਿ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।