ਚੰਡੀਗੜ੍ਹ: ਪੰਜਾਬ ਦਾ ਕਿਸਾਨ 10 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰਨਗੇ। ਕਿਸਾਨ ਜਥੇਬੰਦੀਆਂ ਨੇ ਮੰਗਲਵਾਰ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੋਈ ਮੀਟਿੰਗ ਵਿੱਚ ਇਹ ਸਪਸ਼ਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਝੋਨੇ ਲਈ 10 ਜੂਨ ਤੋਂ 8 ਘੰਟੇ ਬਿਜਲੀ ਦੀ ਮੰਗ ਸਬੰਧੀ 17 ਮਈ ਤੋਂ ਚੰਡੀਗੜ੍ਹ ਵਿੱਚ ਕਿਸਾਨ ਪੱਕਾ ਮੋਰਚਾ ਲਾਉਣਗੇ।



ਦੱਸ ਦਈਏ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨ ਧਿਰਾਂ ਨੂੰ ਝੋਨੇ ਦੀ ਪੜਾਅਵਾਰ ਲੁਆਈ ਦੇ ਫ਼ਾਰਮੂਲੇ ਨੂੰ ਅਪਣਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਭਰੋਸਾ ਵੀ ਦਿੱਤਾ ਹੈ ਕਿ ਦੇਸ਼ ਵਿੱਚ ਬਿਜਲੀ ਸੰਕਟ ਦੇ ਬਾਵਜੂਦ ਝੋਨੇ ਦੀ ਲੁਆਈ ਲਈ ਸਰਕਾਰ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।

ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਸਰਕਾਰੀ ਮਸ਼ਵਰੇ ਨੂੰ ਰੱਦ ਕਰਦਿਆਂ 10 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਮੰਗ ਕੀਤੀ ਕਿ ਸਰਕਾਰ 10 ਜੂਨ ਤੋਂ ਖੇਤੀ ਸੈਕਟਰ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਵੇ। ਕਿਸਾਨ ਝੋਨੇ ਦੀ ਪੜਾਅਵਾਰ ਲੁਆਈ ਦੇ ਨਵੇਂ ਫ਼ਾਰਮੂਲੇ ਤੇ ਸਿੱਧੀ ਬਿਜਾਈ ਲਈ ਐਲਾਨੀ ਵਿੱਤੀ ਮਦਦ ਤੋਂ ਵੀ ਸੰਤੁਸ਼ਟ ਹਨ।

ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਗਿਆ ਕਿ ਝੋਨੇ ਦੀ ਪੜਾਅਵਾਰ ਲੁਆਈ ਦੇ ਫ਼ਾਰਮੂਲੇ ਨੂੰ ਅਪਣਾਉਣ ਨਾਲ ਬਿਜਲੀ ਦੀ ਕਿੱਲਤ ਤੋਂ ਇਲਾਵਾ ਮਜ਼ਦੂਰਾਂ ਤੇ ਖਾਦ ਦੀ ਘਾਟ ਵਰਗੇ ਹੋਰ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਿਕਵੇ ਦੂਰ ਕਰਨ ਲਈ ਸਰਕਾਰ ਕਮੇਟੀ ਬਣਾਉਣ ਵਾਸਤੇ ਵੀ ਤਿਆਰ ਹੈ।

ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਲੁਆਈ ਦੀ ਰਵਾਇਤੀ ਪ੍ਰਣਾਲੀ ਨੂੰ ਛੱਡ ਕੇ ਸਿੱਧੀ ਬਿਜਾਈ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਜੇਕਰ ਕਿਸਾਨ ਖੇਤੀ ਮਾਹਿਰਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਸਿੱਧੀ ਬਿਜਾਈ ਨਾਲ ਝਾੜ ’ਤੇ ਕੋਈ ਅਸਰ ਨਹੀਂ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 27 ਮੰਗਾਂ ਸਬੰਧੀ ਪੱਤਰ ਬਿਜਲੀ ਮੰਤਰੀ ਨੂੰ ਦਿੱਤਾ ਗਿਆ।