Punjab News: ਹੁਣ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਦੀ ਖੈਰ ਨਹੀਂ, ਸਰਕਾਰ ਨੇ ਜਾਰੀ ਕੀਤੇ ਸਖਤ ਹੁਕਮ, ਹੋਵੇਗੀ 5 ਸਾਲ ਦੀ ਸਜ਼ਾ ਤੇ ਲੱਖ ਰੁਪਏ ਜੁਰਮਾਨਾ
Chinese dor: ਚਾਈਨਾ ਡੋਰ ਨੇ ਕਈ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ। ਪਰ ਫਿਰ ਵੀ ਲੋਕ ਇਸ ਦੀ ਵਰਤੋਂ ਕਰਨ ਤੋਂ ਹਟਦੇ ਨਹੀਂ । ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Punjab News: ਚਾਈਨਾ ਡੋਰ ਨੇ ਕਈ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ। ਪਰ ਫਿਰ ਵੀ ਲੋਕ ਇਸ ਦੀ ਵਰਤੋਂ ਕਰਨ ਤੋਂ ਹਟਦੇ ਨਹੀਂ । ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ ’ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੁੱਕੇ ਸਖਤ ਕਦਮ
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਚਾਈਨਾ ਡੋਰ ਨਾਲ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਚਾਈਨਾ ਡੋਰ ਨਾਲ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
5 ਸਾਲ ਤਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਤੱਕ ਜੁਰਮਾਨਾ
ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸ਼ੀ ਖ਼ਿਲਾਫ਼ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ। ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਉਲੰਘਣਾ ਲਈ 5 ਸਾਲ ਤਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਤਕ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿਚ ਇਨ੍ਹਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿਚ ਲਾਗੂ ਕਰਨ ਲਈ ਅਧਿਕਾਰ ਦਿੱਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬਹੁਮੁਲੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ-ਨਾਲ ਪਸ਼ੁ, ਪੰਛੀਆਂ ਆਦਿ ਦੀ ਰੱਖਿਆ ਵੀ ਯਕੀਨੀ ਬਣਾਈ ਜਾ ਸਕੇ। ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਤੰਗ ਉਡਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਨਾਲ ਹੀ ਦੁਕਾਨਦਾਰ ਅਤੇ ਆਨਲਾਈਨ ਸਟੋਰ ਇਸ ਨੂੰ ਵੇਚਣ ਤੋਂ ਗੁਰੇਜ਼ ਕਰਨ।