Amritsar News: ਕੁੰਵਰ ਵਿਜੈ ਪ੍ਰਤਾਪ ਨੇ ਕੀਤਾ ਵੱਡਾ ਧਮਾਕਾ! ਕੇਜਰੀਵਾਲ ਕੋਲ ਪਹੁੰਚਿਆ ਪੰਜਾਬ ਦਾ ਮਸਲਾ
Kunwar Vijay Pratap Singh: ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨਗਰ ਨਿਗਮ ਦੀ ਚੋਣ ਮਗਰੋਂ ਜਿੱਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਦਾ ਖੁਲਾਸਾ ਕਰਕੇ ਆਪਣੀ ਹੀ ਪਾਰਟੀ ਲਈ

Kunwar Vijay Pratap Singh: ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨਗਰ ਨਿਗਮ ਦੀ ਚੋਣ ਮਗਰੋਂ ਜਿੱਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਦਾ ਖੁਲਾਸਾ ਕਰਕੇ ਆਪਣੀ ਹੀ ਪਾਰਟੀ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਬੇਸ਼ੱਕ ਕੁੰਵਰ ਵਿਜੈ ਪ੍ਰਤਾਪ ਨੇ ਕਿਸੇ ਲੀਡਰ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਪਰ ਉਨ੍ਹਾਂ ਕਿਹਾ ਕਿ ਉਹ ਇਹ ਸਮੁੱਚਾ ਮਾਮਲਾ ਪਾਰਟੀ ਪੱਧਰ ’ਤੇ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਧਿਆਨ ਵਿੱਚ ਵੀ ਲਿਆ ਚੁੱਕੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਾਰਟੀ ਵਿੱਚ ਕੁਝ ਅਪਰਾਧਕ ਤੱਤ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਨੂੰ ਉਹ ਪੁਲਿਸ ਅਧਿਕਾਰੀ ਦੇ ਕਾਰਜਕਾਲ ਤੋਂ ਜਾਣਦੇ ਹਨ।
ਦਰਅਸਲ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਪਾਰਟੀ ਦੇ ਕੁਝ ਆਗੂਆਂ ’ਤੇ ਬਿਨਾਂ ਨਾ ਲਏ ਸਵਰਾਜ ਦਾ ਸਿਧਾਂਤ ਤਿਆਗਣ ਦਾ ਦੋਸ਼ ਲਾਇਆ ਹੈ। ਅੰਮ੍ਰਿਤਸਰ ਵਿਖੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਕਿ ਨਗਰ ਨਿਗਮ ਦੀ ਚੋਣ ਮਗਰੋਂ ਜਿੱਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਕੀਤੀ ਜਾ ਰਹੀ ਹੈ ਜੋ ਸਵਰਾਜ ਦੇ ਸਿਧਾਂਤ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸੇ ਸਿਧਾਂਤ ਨੂੰ ਲੈ ਕੇ ਪਾਰਟੀ 2022 ਵਿੱਚ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ ਪਰ ਅੱਜ ਸਿਧਾਂਤ ਨੂੰ ਤਿਆਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣਾ ਹੈ ਤਾਂ ਜਿੱਤੇ ਹੋਏ ਨੁਮਾਇੰਦਿਆਂ ਦੀ ਖ਼ਰੀਦੋ-ਫਰੋਖ਼ਤ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਤਣ ਵਾਲਾ ਚਾਹੇ ਕਿਸੇ ਵੀ ਪਾਰਟੀ ਦਾ ਨੁਮਾਇੰਦਾ ਹੋਵੇ, ਉਸ ਨੂੰ ਉਸੇ ਰੂਪ ਵਿੱਚ ਸਵੀਕਾਰ ਕਰਨਾ ਚਾਹੀਦਾ ਹੈ।
ਦੱਸ ਦਈਏ ਕਿ ਨਗਰ ਨਿਗਮ ਚੋਣਾਂ ਵਿੱਚ 85 ਸੀਟਾਂ ਵਿੱਚੋਂ ‘ਆਪ’ ਨੂੰ ਸਿਰਫ਼ 24 ਸੀਟਾਂ ਮਿਲੀਆਂ ਸਨ ਜਦੋਂਕਿ ਕਾਂਗਰਸ ਨੇ 40 ਸੀਟਾਂ ’ਤੇ ਜਿੱਤ ਦਰਜ ਕੀਤੀ ਸੀ। ‘ਆਪ’ ਆਗੂਆਂ ਵੱਲੋਂ ਹਾਲ ਹੀ ਵਿੱਚ ਛੇ ਆਜ਼ਾਦ ਤੇ ਇੱਕ ਸਿਆਸੀ ਪਾਰਟੀ ਦੇ ਕੌਂਸਲਰ ਸਮੇਤ ਸੱਤ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ‘ਆਪ’ ਵੱਲੋਂ ਜਿਨ੍ਹਾਂ ਆਜ਼ਾਦ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਉਹ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਸਮਰਥਕ ਕੌਂਸਲਰ ਸਨ। ਇਸ ਸਬੰਧੀ ‘ਆਪ’ ਆਗੂਆਂ ’ਤੇ ਖ਼ਰੀਦੋ-ਫਰੋਖ਼ਤ ਕਰਨ ਦੇ ਦੋਸ਼ ਵੀ ਲੱਗੇ ਹਨ।
ਹਾਲਾਂਕਿ, ਬੀਤੇ ਦਿਨੀਂ ਇੱਕ ਕੈਬਨਿਟ ਮੰਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਸੀ ਕਿ ਨਗਰ ਨਿਗਮ ਵਿੱਚ ‘ਆਪ’ ਦਾ ਮੇਅਰ ਬਣੇਗਾ। ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਖ਼ਰੀਦੇ ਗਏ ਕੌਂਸਲਰ ਜਾਂ ਖ਼ਰੀਦਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਂ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਹ ਸਿਧਾਂਤਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਵਿੱਚ ਅੰਮ੍ਰਿਤਸਰ ਦੇ ਲੋਕਾਂ ਨੇ ਕਿਸੇ ਨੂੰ ਵੀ ਬਹੁਮਤ ਨਹੀਂ ਦਿੱਤਾ ਜਿਸ ਤੋਂ ਸਪਸ਼ਟ ਹੈ ਕਿ ਲੋਕਾਂ ਨੇ ਕਿਸੇ ’ਤੇ ਵੀ ਵਿਸ਼ਵਾਸ ਨਹੀਂ ਕੀਤਾ।






















