Punjab News: ਪੰਥਕ ਸਿਆਸਤ ਵਿੱਚ ਵੱਡਾ ਭੂਚਾਲ ਆਇਆ ਹੋਇਆ ਹੈ। ਅਹਿਮ ਸ਼ਖ਼ਸੀਅਤਾਂ ਨੂੰ ਅਹੁਦਿਆਂ ਤੋਂ ਹਟਾਉਣ ਤੋਂ ਅਸਤੀਫਿਆਂ ਦੇ ਦੌਰ ਨੇ ਸਭ ਕੁਝ ਉਲਝਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਬਾਅਦ ਅੱਜ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਫਾਰਗ ਜਾਵੇ।



ਸੂਤਰਾਂ ਮੁਤਾਬਕ ਅਗਲੇ ਦਿਨਾਂ ਅੰਦਰ ਹੋਰ ਅਸਤੀਫੇ ਦਿੱਤੇ ਜਾਣ ਦੀ ਸੰਭਾਵਨਾ ਹੈ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਖਫਾ ਹਨ। ਪੰਥ ਅੰਦਰ ਵੀ ਲਗਾਤਾਰ ਰੋਸ ਵਧ ਰਿਹਾ ਹੈ। ਇਸ ਸਭ ਕਾਸੇ ਲਈ ਬਾਦਲ ਧੜੇ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਲਈ ਬਾਦਲ ਧੜੇ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।  



ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਹੋਣ ਜਾ ਰਹੀ ਹੈ ਪਰ ਇਸ ਮੀਟਿੰਗ ਤੋਂ ਪਹਿਲਾਂ ਹੀ ਬੰਡੂਗਰ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਪਹਿਲਾਂ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ। ਧਾਮੀ ਵੀ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਸਨ। ਇਸ ਤੋਂ ਪਹਿਲਾਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।




ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਕਰਨ ਤੇ ਨਵਾਂ ਸੰਗਠਨ ਬਣਾਉਣ ਲਈ 7 ਮੈਂਬਰੀ ਕਮੇਟੀ ਕਾਇਮ ਕੀਤੀ ਗਈ ਸੀ। ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਤੋਂ ਬਾਅਦ ਕਮੇਟੀ ਵਿੱਚ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਤੇ ਸਤਵੰਤ ਕੌਰ ਬਚੇ ਸਨ। 



ਸੱਤ ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿਖੇ ਮੀਟਿੰਗ ਹੋ ਰਹੀ ਹੈ। ਅੱਜ ਦੀ ਮੀਟਿੰਗ ਤੋਂ ਪਹਿਲਾਂ ਦੋ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਉਹ ਬੇਸਿੱਟਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਧੜੇ ਨੇ ਆਪਣੇ ਪੱਧਰ ਉਪਰ ਹੀ ਮੈਂਬਰਸ਼ਿਪ ਭਰਤੀ ਸ਼ੁਰੂ ਕੀਤੀ ਹੋਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਉਪਰ ਇਜਰਾਜ਼ ਜਤਾਇਆ ਹੈ। ਇਸ ਦੇ ਬਾਵਜੂਦ ਬਾਦਲ ਧੜਾ ਆਪਣੇ ਤੌਰ ਉਪਰ ਭਰਤੀ ਕਰਨ ਲਈ ਬਾਜਿਦ ਹੈ।




ਦੱਸ ਦਈਏ ਕਿ 2 ਦਸੰਬਰ, 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਪਾਰਟੀ ਦੀ ਲੀਡਰਸ਼ਿਪ ਬਦਲਣ ਲਈ ਇਹ ਕਮੇਟੀ ਬਣਾਈ ਗਈ ਸੀ। ਕਮੇਟੀ ਨੂੰ 6 ਮਹੀਨਿਆਂ ਦੇ ਅੰਦਰ ਮੈਂਬਰਸ਼ਿਪ ਪ੍ਰਕਿਰਿਆ ਪੂਰੀ ਕਰਨ ਤੇ ਪਾਰਟੀ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।



ਅਕਾਲੀ ਦਲ ਨੇ ਪਹਿਲਾਂ ਕਾਨੂੰਨੀ ਅੜਚਣਾਂ ਦਾ ਹਵਾਲਾ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇਸ ਕਮੇਟੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਕਮੇਟੀ ਦੀ ਅਣਹੋਂਦ 'ਤੇ ਅੜੇ ਰਹੇ ਤੇ ਇਸ ਕਮੇਟੀ ਦੀ ਪਹਿਲੀ ਮੀਟਿੰਗ 10 ਫਰਵਰੀ ਨੂੰ ਬੁਲਾਈ ਗਈ। ਅੱਜ ਦੀ ਮੀਟਿੰਗ ਵਿੱਚ ਅਕਾਲੀ ਦਲ ਵੱਲੋਂ ਹੁਣ ਤੱਕ ਚਲਾਈ ਗਈ ਮੈਂਬਰਸ਼ਿਪ ਮੁਹਿੰਮ ਬਾਰੇ ਫੈਸਲਾ ਲਏ ਜਾਣ ਦੀ ਉਮੀਦ ਹੈ।