ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (DDPO) ਫਿਰੋਜ਼ਪੁਰ ਵਿੱਚ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਫਿਰੋਜ਼ਪੁਰ ਦੇ ਪਿੰਡ ਲੱਲੇ ਦੇ ਰਹਿਣ ਵਾਲੇ ਵਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣੋ ਪੂਰਾ ਮਾਮਲਾ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਲੋਨ ਲਿਮਟ ਲਈ ਅਰਜ਼ੀ ਦਿੱਤੀ ਸੀ। ਆਪਣੀ ਅਰਜ਼ੀ ਵਿੱਚ, ਉਸਨੇ ਆਪਣੀ ਜ਼ਮੀਨ ਅਤੇ ਪੰਚਾਇਤੀ ਜ਼ਮੀਨ ਦੇ ਇੱਕ ਹਿੱਸੇ ਦਾ ਵੀ ਜ਼ਿਕਰ ਕੀਤਾ ਸੀ, ਜਿਸਨੂੰ ਉਹ ਨੀਲਾਮੀ ਵਿੱਚ ਲੈ ਕੇ ਖੇਤੀ ਕਰ ਰਿਹਾ ਸੀ। ਬੈਂਕ ਨੇ ਲੋਨ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਬਾਰੇ ਡੀ.ਡੀ.ਪੀ.ਓ. ਦਫ਼ਤਰ ਨੂੰ ਸੂਚਿਤ ਕੀਤਾ।

ਮੰਗੀ ਇੱਕ ਲੱਖ ਦੀ ਰਿਸ਼ਵਤ

ਸ਼ਿਕਾਇਤ ਅਨੁਸਾਰ, ਉਕਤ ਕਲਰਕ ਨੇ ਪੰਚਾਇਤੀ ਜ਼ਮੀਨ ਦੇ ਰਿਵੈਨਿਊ ਰਿਕਾਰਡ ਬੈਂਕ ਵਿੱਚ ਦੇਣ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ ਧਮਕਾਇਆ ਅਤੇ ਕਿਸੇ ਵੀ ਪ੍ਰਤੀਕੂਲ ਕਾਰਵਾਈ ਤੋਂ ਬਚਣ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਦੋਸ਼ੀ ਨੇ 60,000 ਰੁਪਏ ਦੀ ਰਿਸ਼ਵਤ ਲੈਣ 'ਤੇ ਸਹਿਮਤੀ ਜਤਾਈ।

ਇੰਝ ਵਿਛਾਇਆ ਗਿਆ ਜਾਲ

ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਨੂੰ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਦੋਸ਼ੀ ਖ਼ਿਲਾਫ਼ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਬਿਊਰੋ ਥਾਣੇ ਵਿੱਚ ਭ੍ਰਿਸ਼ਟਾਚਾਰ ਨਿਵਾਰਣ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅੱਜ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।