ਟਾਈਟਲਰ ਦੀ ਫੋਟੋ ਵਾਲੀ ਸ਼ਰਟ ਪਾ ਕੇ ਦਰਬਾਰ ਸਾਹਿਬ 'ਚ ਫੋਟੋਆਂ ਖਿਚਵਾਉਣ ਵਾਲਾ ਕਾਂਗਰਸੀ ਪੁਲਿਸ ਨੇ ਕੀਤਾ ਗ੍ਰਿਫਤਾਰ, 2 ਦਿਨ ਦਾ ਮਿਲਿਆ ਰਿਮਾਂਡ
Punjab News: '84 ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਵਾਲੇ ਕਾਂਗਰਸੀ ਵਰਕਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
Punjab News: '84 ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਵਾਲੇ ਕਾਂਗਰਸੀ ਵਰਕਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੀਨਾਨਗਰ ਟੋਲ ਪਲਾਜ਼ਾ ਤੋਂ ਇਹ ਕਾਂਗਰਸੀ ਆਗੂ ਗ੍ਰਿਫਤਾਰ ਕੀਤਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵੱਲੋਂ ਇਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਦਸ ਦਈਏ ਕਿ ਬੁੱਧਵਾਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਸੀ ਤੇ ਉਸਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਤੇ ਫੋਟੋਆਂ ਵੀ ਖਿਚਵਾਈਆਂ ਸੀ। ਜਿਸ ਤੋਂ ਬਾਅਦ ਉਸਨੇ ਇਨ੍ਹਾਂ ਫੋਟੋਆਂ ਨੂੰ ਵਾਇਰਲ ਕਰ ਦਿੱਤਾ ਗਿਆ । ਇਨ੍ਹਾਂ ਫੋਟੋਆਂ ਦੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਵਿਵਾਦ ਖੜ੍ਹਾ ਹੋ ਗਿਆ।
ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾ ਕੇ ਆਉਣ ਤੇ ਫੋਟੋਆਂ ਖਿਚਵਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ । ਸ਼੍ਰੋਮਣੀ ਕਮੇਟੀ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਜਾਂਚ 'ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਉਕਤ ਨੌਜਵਾਨ ਦਾ ਮਕਸਦ ਸਿਰਫ ਤਸਵੀਰ ਖਿਚਵਾਉਣਾ ਸੀ ਤੇ ਅਜਿਹਾ ਯੋਜਨਾਬੰਦੀ ਨਾਲ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ । ਧਾਮੀ ਨੇ ਆਖਿਆ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਅਜਿਹੇ ਵਿਅਕਤੀ ਦੀ ਤਸਵੀਰ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣਾ ਸਿੱਖਾਂ ਨੂੰ ਚਿੜ੍ਹਾਉਣ ਵਾਲੀ ਕਾਰਵਾਈ ਹੈ।
ਹਾਸਲ ਜਾਣਕਾਰੀ ਮੁਤਾਬਕ ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ,ਜਦੋਂ ਅੱਜ ਇਸ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾਈ ਹੋਈ ਆਪਣੀ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਕਤ ਵਿਅਕਤੀ ਦੀ ਪਛਾਣ ਅੰਮ੍ਰਿਤਸਰ ਵਾਸੀ ਕਰਮਜੀਤ ਸਿੰਘ ਗਿੱਲ ਵਜੋਂ ਹੋਈ ਹੈ, ਜੋ ਕਾਂਗਰਸ ਪਾਰਟੀ ਦਾ ਨੁਮਾਇੰਦਾ ਹੈ।