Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਵਿੱਚ ਜ਼ਖਮੀ ਹੋਏ ਨਾਗਰਿਕਾਂ ਦੀ ਸਿਹਤ ਬਾਰੇ ਜਾਨਣ ਲਈ ਦਯਾਨੰਦ ਮੈਡੀਕਲ ਕਾਲਜ (ਡੀਐਮਸੀ) ਦਾ ਦੌਰਾ ਕੀਤਾ। ਇਹਨਾਂ ਆਗੂਆਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਹਮਲੇ ਦੀ ਨਿੰਦਾ ਕੀਤੀ।
ਡਾਕਟਰਾਂ ਤੋਂ ਜਾਣਿਆ ਪੀੜਤਾਂ ਦੀ ਸਿਹਤ ਬਾਰੇ
ਜ਼ਖਮੀਆਂ ਨੂੰ ਹਮਲੇ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਸ ਸਮੇਂ ਡੀ.ਐਮ.ਸੀ. ਵਿੱਚ ਵਿਆਪਕ ਡਾਕਟਰੀ ਦੇਖਭਾਲ ਦਿੱਤੀ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਖਮੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਉਨ੍ਹਾਂ ਨੂੰ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਅਟੁੱਟ ਸਮਰਥਨ ਦਾ ਭਰੋਸਾ ਦਿੱਤਾ।
ਹਮਲੇ ਦੀ ਸਖਤ ਸ਼ਬਦਾਂ 'ਚ ਕੀਤੀ ਨਿੰਦਾ
ਉਨ੍ਹਾਂ ਨੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਬੇਕਸੂਰ ਨਾਗਰਿਕਾਂ ਵਿਰੁੱਧ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ ਅਤੇ ਇਸ ਲਈ ਸਖ਼ਤ ਜਵਾਬੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਪਾਕਿਸਤਾਨ ਦੀਆਂ ਕਾਰਵਾਈਆਂ ਨਿੰਦਣਯੋਗ ਕਰਾਰਦਿਆਂ ਸਖ਼ਤ ਸ਼ਬਦਾਂ ਵਿੱਚ ਇਸਦੀ ਨਿੰਦਾ ਕੀਤੀ।
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵੀ ਇਸੇ ਭਾਵਨਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਪੀੜਤਾਂ ਦੀ ਸਹਾਇਤਾ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਦੋਵਾਂ ਆਗੂਆਂ ਨੇ ਹਸਪਤਾਲ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਪੀੜਤਾਂ ਨੂੰ ਦਿੱਤੀ ਜਾ ਰਹੀ ਡਾਕਟਰੀ ਦੇਖਭਾਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਵਿਖੇ ਜ਼ਖਮੀਆਂ ਨੂੰ ਦਿੱਤੇ ਜਾ ਰਹੇ ਡਾਕਟਰੀ ਇਲਾਜ ਬਾਰੇ ਜਾਣੂ ਕਰਵਾਇਆ ਗਿਆ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਸਰਕਾਰ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਹਾਲਾਤ ਦਾ ਨਾਲੋਂ ਨਾਲ ਜਾਇਜ਼ਾ ਲਈ ਰਹੇ ਹਨ ਅਤੇ ਸੂਬਾ ਸਰਕਾਰ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।