Punjab  News: ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ। ਰਾਜ ਚੋਣ ਕਮਿਸ਼ਨ ਵੱਲੋਂ ਅੱਜ ਸਵੇਰੇ 11.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਇਸ ਦੌਰਾਨ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ।


ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਅੱਜ ਚੋਣ ਜ਼ਾਬਤਾ ਵੀ ਲਾਗੂ ਹੋ ਸਕਦਾ ਹੈ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਦਸੰਬਰ ਦੇ ਆਖਰੀ ਹਫ਼ਤੇ ਨਗਰ ਨਿਗਮ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਾਫੀ ਸਮਾਂ ਪਹਿਲਾਂ ਜਾਰੀ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਵੋਟਾਂ ਦਾ ਸਮਾਂ ਜਾਰੀ ਨਹੀਂ ਕੀਤਾ ਗਿਆ ਹੈ।


15 ਦਿਨਾਂ ਦੇ ਅੰਦਰ ਕੀਤੀ ਜਾ ਸਕਦੀ ਵੋਟਿੰਗ


ਕਿਆਸ ਲਗਾਏ ਜਾ ਰਹੇ ਹਨ ਕਿ ਨਗਰ ਨਿਗਮ ਚੋਣਾਂ ਲਈ ਵੋਟਿੰਗ ਜ਼ਾਬਤਾ ਲਾਗੂ ਹੋਣ ਦੇ 15 ਦਿਨਾਂ ਦੇ ਅੰਦਰ ਹੋ ਜਾਵੇਗੀ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਸ਼ਹੀਦੀ ਜੋੜ ਮੇਲੇ ਦੌਰਾਨ ਨਗਰ ਨਿਗਮ ਚੋਣਾਂ ਕਰਵਾਉਣ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਸਰਕਾਰੀ ਜ਼ਾਬਤਾ ਲਾਗੂ ਹੋਣ ਦੇ 15 ਦਿਨਾਂ ਦੇ ਅੰਦਰ, ਭਾਵ 22 ਦਸੰਬਰ ਤੱਕ ਨਗਰ ਨਿਗਮ ਚੋਣਾਂ ਲਈ ਵੋਟਿੰਗ ਕਰਵਾਉਣ ਦੀ ਯੋਜਨਾ ਬਾਰੇ ਚਰਚਾ ਸੁਣੀ ਜਾ ਰਹੀ ਹੈ।