ਚੰਡੀਗੜ੍ਹ: ਸਾਬਕਾ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਦਾ ਆਪਰੇਸ਼ਨ ਸਫਲ ਰਿਹਾ ਹੈ ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਨਵਜੋਤ ਕੌਰ ਦੇ ਪਤੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤੀ। ਨਵਜੋਤ ਸਿੱਧੂ ਨੇ ਨਵਜੋਤ ਕੌਰ ਦੀ ਚੰਗੀ ਸਿਹਤ ਦੀ ਕਾਮਨਾ ਕਰਨ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ।
ਨਵਜੋਤ ਸਿੰਘ ਸਿੱਧੂ ਨੇ ਨਵਜੋਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਫੋਟੋ ਵੀ ਟਵੀਟ ਕੀਤੀ। ਸਿੱਧੂ ਨੇ ਕਿਹਾ, ''ਨਵਜੋਤ ਕੌਰ ਨੂੰ ਸਫਲ ਆਪ੍ਰੇਸ਼ਨ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਸਟਾਫ਼ ਦਾ ਬਹੁਤ-ਬਹੁਤ ਧੰਨਵਾਦ। ਨਵਜੋਤ ਕੌਰ ਦੀ ਚੰਗੀ ਸਿਹਤ ਦੀ ਕਾਮਨਾ ਕਰਨ ਵਾਲਿਆਂ ਦਾ ਬਹੁਤ-ਬਹੁਤ ਧੰਨਵਾਦ।
ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕੌਰ ਦੇ ਗੰਭੀਰ ਬਿਮਾਰ ਹੋਣ ਦੀ ਜਾਣਕਾਰੀ ਦਿੱਤੀ ਸੀ। ਨਵਜੋਤ ਸਿੱਧੂ ਨੇ ਕਿਹਾ ਸੀ, ''ਮੇਰੀ ਪਤਨੀ ਨਵਜੋਤ ਕੌਰ ਦੋ ਦਿਨਾਂ ਤੋਂ ਬਿਮਾਰ ਹੈ ਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੰਗਲਵਾਰ ਨੂੰ ਨਵਜੋਤ ਕੌਰ ਦਾ ਫੋਰਟਿਸ ਹਸਪਤਾਲ 'ਚ ਆਪਰੇਸ਼ਨ ਕੀਤਾ ਜਾਵੇਗਾ।
ਡਾਕਟਰ ਹਨ ਨਵਜੋਤ ਕੌਰ ਸਿੱਧੂ
ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਪੇਸ਼ੇ ਤੋਂ ਡਾਕਟਰ ਹਨ। ਨਵਜੋਤ ਕੌਰ ਸਿੱਧੂ ਨੇ ਰਾਜਨੀਤੀ ਵਿੱਚ ਵੀ ਆਪਣੀ ਕਿਸਮਤ ਅਜ਼ਮਾਈ ਹੈ ਤੇ ਉਹ 2012 ਵਿੱਚ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਚੁਣੀ ਗਈ ਸੀ। ਪਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਨਵਜੋਤ ਕੌਰ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਨਵਜੋਤ ਕੌਰ ਨੇ ਕਿਹਾ ਸੀ ਕਿ ਉਹ ਆਪਣੀ ਮੈਡੀਕਲ ਪ੍ਰੈਕਟਿਸ ਫਿਰ ਤੋਂ ਸ਼ੁਰੂ ਕਰੇਗੀ।
ਨਵਜੋਤ ਸਿੰਘ ਸਿੱਧੂ ਵੀ ਆਪਣੇ ਸਿਆਸੀ ਕੈਰੀਅਰ 'ਚ ਮਾੜੇ ਦੌਰ 'ਚੋਂ ਲੰਘ ਰਹੇ ਹਨ। ਨਵਜੋਤ ਸਿੰਘ ਸਿੱਧੂ ਨੂੰ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇਣਾ ਪਿਆ।