ਚੰਡੀਗੜ੍ਹ: ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਦੇ ਉੱਤਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਗ੍ਰਹਿ ਮੰਤਰੀ ਬਣਾਉਣ ਦੀ ਵਕਾਲਤ ਕੀਤੀ ਹੈ। ਡਾ. ਸਿੱਧੂ ਨੇ ਸਾਬਕਾ ਆਈ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਵਿੱਚ ਟਵੀਟ ਕੀਤਾ ਹੈ, ਜੋ ਇਸ ਵੇਲੇ ਸਿਆਸੀ ਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਸ ਟਵੀਟ ਵਿੱਚ ਡਾ. ਸਿੱਧੂ ਨੇ ਸੂਬੇ ’ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਪਰਾਧ ਸਿਖਰਾਂ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਹ ਸਮਝਣ ਵਿੱਚ ਅਸਫ਼ਲ ਹਨ ਕਿ ਇਕ ਯੋਗ ਤੇ ਸੀਨੀਅਰ ਆਈਪੀਐੱਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿੱਚ ਗ੍ਰਹਿ ਮੰਤਰੀ ਵਜੋਂ ਕਿਉਂ ਨਿਯੁਕਤ ਨਹੀਂ ਕੀਤਾ ਗਿਆ।





ਡਾ. ਸਿੱਧੂ ਨੇ ਕਿਹਾ ਕਿ ਉਹ ਕੁੰਵਰ ਵਿਜੈ ਪ੍ਰਤਾਪ ਨੂੰ ਉਸ ਵੇਲੇ ਤੋਂ ਜਾਣਦੇ ਹਨ, ਜਦੋਂ ਉਹ ਅੰਮ੍ਰਿਤਸਰ ਵਿੱਚ ਪੁਲੀਸ ਅਧਿਕਾਰੀ ਵਜੋਂ ਤਾਇਨਾਤ ਸਨ ਤੇ ਉਸ ਵੇਲੇ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਸੀ। ਉਸ ਵੇਲੇ ਅਪਰਾਧੀਆਂ ਨੂੰ ਕੁਝ ਘੰਟਿਆਂ ਵਿੱਚ ਹੀ ਕਾਬੂ ਕਰ ਲਿਆ ਜਾਂਦਾ ਸੀ ਤੇ ਸਜ਼ਾ ਦਿੱਤੀ ਜਾਂਦੀ ਸੀ ਤੇ ਕੋਈ ਵੀਆਈਪੀ ਵੀ ਉਨ੍ਹਾਂ ਨੂੰ ਅਜਿਹੇ ਕੰਮ ਤੋਂ ਰੋਕਣ ਦੀ ਹਿੰਮਤ ਨਹੀਂ ਸੀ ਕਰਦਾ। ਉਨ੍ਹਾਂ ਆਪਣੇ ਟਵੀਟ ਵਿੱਚ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਟੈਗ ਕਰਦਿਆਂ ਪੰਜਾਬੀਆਂ ਵੱਲੋਂ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਕੁੰਵਰ ਵਿਜੈ ਪ੍ਰਤਾਪ ਦੀ ਨਿਯੁਕਤੀ ਲਈ ਅਪੀਲ ਕੀਤੀ ਹੈ।