Punjab News: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਮਗਰੋਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸਰਗਰਮ ਨਜ਼ਰ ਆ ਰਹੇ ਹਨ। ਨਵਜੋਤ ਸਿੱਧੂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਲਗਾਤਾਰ ਸਵਾਲ ਚੁੱਕ ਰਹੇ ਹਨ। ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਪਾਰਟੀ ਦੀ ਮੁੜ ਉਸਾਰੀ ਦੇ ਯਤਨਾਂ ਤਹਿਤ ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂਆਂ ਨਾਲ ਮੀਟਿੰਗ ਵੀ ਕੀਤੀ ਹੈ।



ਹਾਸਲ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੀ ਮੀਟਿੰਗ ਵਿੱਚ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਵਿਧਾਇਕ ਵੀ ਸ਼ਾਮਲ ਹੋਏ ਹਨ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਸਰ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਦੇ ਆਗੂ ਇੱਕਜੁੱਟ ਹੋਣ ਦੀ ਕੋਸ਼ਿਸ਼ ਕਰ ਰਹੇ ਹਨ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਤੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਕੀਤਾ ਸੀ। ਧਰਮਵੀਰ ਗਾਂਧੀ ਅਜੇ ਵੀ ਨਵਜੋਤ ਸਿੰਘ ਸਿੱਧੂ ਦੇ ਨਾਲ ਹੀ ਬਣੇ ਹੋਏ ਹਨ ਤੇ ਉਹ ਵੀ ਸਿੱਧੂ ਵੱਲੋਂ ਅੰਮ੍ਰਿਤਸਰ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਏ।

ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਸੀ ਪਰ ਪਿਛਲੇ ਦੋ ਹਫ਼ਤਿਆਂ ਤੋਂ ਨਵਜੋਤ ਸਿੱਧੂ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਮੁੜ ਸੂਬਾ ਕਾਂਗਰਸ ਪ੍ਰਧਾਨ ਦੀ ਕੁਰਸੀ ਹਾਸਲ ਕਰਨਾ ਚਾਹੁੰਦੇ ਹਨ।

ਇਸ ਤੋਂ ਇਲਾਵਾ ਸਿੱਧੂ ਦੀ ਨਜ਼ਰ ਸਤੰਬਰ 'ਚ ਹੋਣ ਵਾਲੀਆਂ ਉਪ ਚੋਣਾਂ 'ਤੇ ਵੀ ਹੈ। ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ 'ਤੇ 6 ਮਹੀਨਿਆਂ ਦੇ ਅੰਦਰ ਜ਼ਿਮਨੀ ਚੋਣ ਹੋਣੀ ਹੈ। ਇਸ ਸੀਟ 'ਤੇ ਨਵਜੋਤ ਸਿੱਧੂ ਵੀ ਦਾਅਵਾ ਪੇਸ਼ ਕਰ ਸਕਦੇ ਹਨ।