Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punajb News: ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਨਵੀਂ ਲੀਡਰਸ਼ਿਪ ਹੱਥ ਹੋਏਗੀ। ਅਗਲੇ ਛੇ ਮਹੀਨਿਆਂ 'ਚ ਨਵਾਂ ਪ੍ਰਧਾਨ ਤੇ ਅਹੁਦੇਦਾਰ ਚੁਣੇ ਜਾਣਗੇ। ਇਸ ਸਭ ਕਾਸੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ
Punajb News: ਸ਼੍ਰੋਮਣੀ ਅਕਾਲੀ ਦਲਦੀ ਕਮਾਨ ਨਵੀਂ ਲੀਡਰਸ਼ਿਪ ਹੱਥ ਹੋਏਗੀ। ਅਗਲੇ ਛੇ ਮਹੀਨਿਆਂ 'ਚ ਨਵਾਂ ਪ੍ਰਧਾਨ ਤੇ ਅਹੁਦੇਦਾਰ ਚੁਣੇ ਜਾਣਗੇ। ਇਸ ਸਭ ਕਾਸੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਤ ਮੈਂਬਰੀ ਕਮੇਟੀ ਵੀ ਬਣਾਈ ਹੈ। ਇਹ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਕਰੇਗੀ ਤੇ ਡੈਲੀਗੇਟ ਬਣਾ ਕੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਕਰਵਾਏਗੀ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਜਿਸ ਤਰੀਕੇ ਨਾਲ ਸੁਖਬੀਰ ਬਾਦਲ ਨੇ ਆਪਣੇ ਉਪਰ ਲੱਗੇ ਗੰਭੀਰ ਦੋਸ਼ ਕਬੂਲੇ ਹਨ, ਉਸ ਮਗਰੋਂ ਅਕਾਲੀ ਦਲ ਦੀ ਕਮਾਨ ਬਾਦਲ ਪਰਿਵਾਰ ਹੱਥ ਆਉਣੀ ਔਖੀ ਹੈ।
ਦਰਅਸਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਨੂੰ ਤਨਖਾਹ ਲਗਾਉਣ ਦੇ ਨਾਲ ਸਿਆਸੀ ਕਾਰਵਾਈ ਵੀ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਸੁਖਬੀਰ ਬਾਦਲ ਸਮੇਤ ਹੋਰ ਆਗੂਆਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਤਿੰਨ ਦਿਨਾਂ ਵਿੱਚ ਇਸ ਸਬੰਧੀ ਰਿਪੋਰਟ ਅਕਾਲ ਤਖ਼ਤ ’ਤੇ ਭੇਜੀ ਜਾਵੇ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਵਰਕਿੰਗ ਕਮੇਟੀ ਨੇ ਉਸ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ, ਜਿਨ੍ਹਾਂ ਆਪਣੇ ਗੁਨਾਹ ਕਬੂਲ ਕੀਤੇ ਹਨ, ਸਿੱਖ ਪੰਥ ਦੀ ਰਾਜਸੀ ਅਗਵਾਈ ਕਰਨ ਦਾ ਨੈਤਿਕ ਅਧਿਕਾਰ ਗੁਆ ਚੁੱਕੀ ਹੈ। ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਆਰੰਭ ਕਰਨ ਤੇ ਡੈਲੀਗੇਟ ਬਣਾ ਕੇ ਛੇ ਮਹੀਨੇ ਦੇ ਅੰਦਰ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਿਧਾਨ ਮੁਤਾਬਕ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਸ ਸਬੰਧੀ ਸੱਤ ਮੈਂਬਰੀ ਕਮੇਟੀ ਵੀ ਬਣਾਈ ਹੈ ਜਿਸ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ (ਸਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ) ਸ਼ਾਮਲ ਹਨ।
ਉਨ੍ਹਾਂ ਇਸ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਆਰੰਭ ਕਰਨ, ਆਧਾਰ ਕਾਰਡ ਦੀ ਕਾਪੀ ਸਮੇਤ ਮੈਂਬਰ ਬਣਾਏ ਜਾਣ ਤੇ ਪੁਰਾਣੇ ਡੈਲੀਗੇਟਾਂ ਦੇ ਨਾਲ ਨਾਲ ਨਵੇਂ ਡੈਲੀਗੇਟ ਬਣਾਏ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਸ ਪ੍ਰਕਿਰਿਆ ਨੂੰ ਛੇ ਮਹੀਨੇ ਦੇ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਧੜੇ ਨੂੰ ਆਦੇਸ਼ ਕੀਤਾ ਕਿ ਉਹ ਆਪੋ-ਆਪਣੇ ਚੁੱਲ੍ਹੇ ਸਮੇਟਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ।
ਉਨ੍ਹਾਂ ਦੋਵੇਂ ਧਿਰਾਂ ਨੂੰ ਆਪਣੀ ਹਉਮੈ ਤੇ ਈਰਖਾ ਤਿਆਗ ਕੇ ਇਕੱਠੇ ਹੋ ਕੇ ਚੱਲਣ ’ਤੇ ਜ਼ੋਰ ਦਿੱਤਾ ਅਤੇ ਆਖਿਆ ਕਿ ਮੀਡੀਆ ’ਚ ਵੱਖਰੇ ਸੁਰ ਤੇ ਰਾਗ ਦਿਖਾਈ ਨਹੀਂ ਦੇਣੇ ਚਾਹੀਦੇ ਹਨ। ਜਥੇਦਾਰ ਨੇ ਕਿਹਾ ਕਿ ਇਸ ਵੇਲੇ ਇੱਕ ਦਾਗ਼ੀ ਤੇ ਦੂਜਾ ਬਾਗ਼ੀ ਧੜਾ ਹੈ ਜਦਕਿ ਦੋਵੇਂ ਧੜੇ ਹੀ ਦਾਗ਼ੀ ਹਨ ਕਿਉਂਕਿ ਬਾਗ਼ੀ ਧੜੇ ਨੇ ਵੀ ਅਕਾਲੀ ਸਰਕਾਰ ਵੇਲੇ ਸੇਵਾਵਾਂ ਦਾ ਆਨੰਦ ਮਾਣਿਆ ਸੀ ਤੇ ਉਹ ਹੁਣ ਵੀ ਪੈਨਸ਼ਨਾਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਦੋਵੇਂ ਧਿਰਾਂ ਇੱਕ ਹੋ ਕੇ ਚੱਲਣ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਨੂੰ ਆਦੇਸ਼ ਕੀਤਾ ਹੈ ਕਿ ਉਹ ਪਹਿਲੀ ਮਾਰਚ ਤੋਂ ਲੈ ਕੇ 30 ਅਪਰੈਲ ਤੱਕ ਲਗਪਗ ਸਵਾ ਲੱਖ ਬੂਟੇ ਲਾਉਣਗੇ ਤੇ ਬੂਟਿਆਂ ਦਾ ਪਾਲਣ-ਪੋਸ਼ਣ ਵੀ ਕਰਨਗੇ।