Punjab News: ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਹਾਲ ਹੀ ਵਿੱਚ ਰਾਹਤ ਦੀ ਖ਼ਬਰ ਆਈ ਹੈ। ਭਾਖੜਾ ਡੈਮ ਵੱਲੋਂ ਫਲੱਡ ਗੇਟ ਬੰਦ ਕਰ ਦਿੱਤੇ ਗਏ ਹਨ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਵਹਾਅ ਆਮ ਵਾਂਗ ਹੋ ਗਿਆ ਹੈ। ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪ੍ਰਬੰਧਕੀ ਬੋਰਡ ਨੇ ਫਲੱਡ ਗੇਟਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।


ਦੱਸ ਦਈਏ ਕਿ ਇਸ ਤੋਂ ਪਹਿਲਾਂ 14 ਅਗਸਤ ਦੀ ਸ਼ਾਮ ਨੂੰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ। ਇਸ ਤੋਂ ਬਾਅਦ ਸੱਤਲੁਜ ਦਰਿਆ ਦੇ ਆਲੇ-ਦੁਆਲੇ ਦੇ ਅਨੇਕਾਂ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਸੀ। ਇਸ ਵਾਰ ਹੜ੍ਹਾਂ ਨਾਲ ਖੇਤਾਂ, ਸੜਕਾਂ ਸਮੇਤ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ ਜਿਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।




ਦਰਅਸਲ ਪੰਜਾਬ ਵਿੱਚ ਇਸ ਵਾਰ ਹੜ੍ਹਾਂ ਨੇ ਕਾਫੀ ਤਬਾਹੀ ਮਚਾਈ ਹੈ। ਸੂਬੇ ਦੇ 19 ਜ਼ਿਲ੍ਹੇ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਦੀ ਰਿਪੋਰਟ ਅਨੁਸਾਰ 1500 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਸਿਰਫ਼ 186 ਕਰੋੜ 12 ਲੱਖ 63,020 ਰੁਪਏ ਦੀ ਰਾਸ਼ੀ ਹੀ ਜਾਰੀ ਕੀਤੀ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਦੇ 1500 ਤੋਂ ਵੱਧ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। 


ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਤੋਂ ਮੁਆਵਜ਼ਾ ਰਾਸ਼ੀ ਦੁੱਗਣੀ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਆਗੂਆਂ ਨੇ ਸੂਬੇ ਦੀ 'ਆਪ' ਸਰਕਾਰ ਤੋਂ ਕਿਸਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ 10,000 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨ ਦੀ ਵੀ ਮੰਗ ਕੀਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।