Punjab News: ਮੱਕੀ ਤੇ ਮੂੰਗੀ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ, ਕਿਸਾਨ ਯੂਨੀਅਨਾਂ ਨੇ ਕਰ ਦਿੱਤਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੱਕੀ ਤੇ ਮੂੰਗੀ ਦੀ ਫਸਲ ’ਤੇ ਕਿਸਾਨਾਂ ਦੀ ਹੋ ਰਹੀ ਲੁੱਟ ਖ਼ਿਲਾਫ ਤੇ ਘੱਟੋ-ਘੱਟ ਸਮਰੱਥਨ ਮੁੱਲ ਲੈਣ ਲਈ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ....
Punjab News: ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ ਮੁੜ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੱਕੀ ਤੇ ਮੂੰਗੀ ਦੀ ਫਸਲ ’ਤੇ ਕਿਸਾਨਾਂ ਦੀ ਹੋ ਰਹੀ ਲੁੱਟ ਖ਼ਿਲਾਫ ਤੇ ਘੱਟੋ-ਘੱਟ ਸਮਰੱਥਨ ਮੁੱਲ ਲੈਣ ਲਈ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੀ ਪਹਿਲੀ ਲੜੀ ਤਹਿਤ 27 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 33 ਜਥੇਬੰਦੀਆਂ ਵੱਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਕਿਸਾਨ ਲੀਡਰ ਲੱਖੋਵਾਲ ਨੇ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲੀ ਵਿਭਿੰਨਤਾ ਲਿਆਉਣ ਤੇ ਪੰਜਾਬ ਦਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਮੱਕੀ ਤੇ ਮੂੰਗੀ ਦੀ ਫਸਲ ਬੀਜਣ ਲਈ ਆਖਿਆ ਸੀ ਤੇ ਫਸਲਾਂ ਨੂੰ ਖਰੀਦਣ ਦੀ ਗਾਰੰਟੀ ਵੀ ਪੰਜਾਬ ਸਰਕਾਰ ਨੇ ਕੀਤੀ ਸੀ ਪਰ ਪਿਛਲੇ ਸਾਲ ਵੀ ਕਿਸਾਨਾਂ ਦੀ ਫਸਲ ਦੀ ਖਰੀਦ ਪੰਜਾਬ ਸਰਕਾਰ ਨੇ ਨਹੀਂ ਕੀਤੀ। ਇਸ ਸਾਲ ਵੀ ਖਰੀਦ ਨਾ ਹੋਣ ਕਰ ਕੇ ਕਿਸਾਨਾਂ ਨੂੰ ਮਜਬੂਰੀ ਵੱਸ ਵਪਾਰੀਆਂ ਨੂੰ ਘੱਟ ਰੇਟ ’ਤੇ ਫਸਲ ਵੇਚਣੀ ਪੈ ਰਹੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੀਆਂ ਮੰਡੀਆਂ ਵਿੱਚ ਮੱਕੀ ਤੇ ਮੂੰਗੀ ਦੀ ਫ਼ਸਲ ਲੈ ਕੇ ਪੁੱਜ ਰਹੇ ਕਿਸਾਨਾਂ ਨੂੰ ਪੂਰਾ ਭਾਅ ਨਹੀਂ ਮਿਲ ਰਿਹਾ ਜਿਸ ਕਰਕੇ ਉਹ ਐਮਐਸਪੀ ਤੋਂ ਘੱਟ ਭਾਅ ਉੱਤੇ ਫਸਲ ਵੇਚਣ ਲਈ ਮਜਬੂਰ ਹਨ। ਕਾਸ਼ਤਕਾਰਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸੂਬਾ ਸਰਕਾਰ ਕਿਸਾਨਾਂ ਨੂੰ ਫਸਲੀ ਚੱਕਰ ’ਚੋਂ ਬਾਹਰ ਨਿਕਲਣ ਦੀ ਅਪੀਲ ਕਰ ਰਹੀ ਹੈ ਤੇ ਦੂਜੇ ਪਾਸੇ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ ਜੋ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਛੱਡ ਕੇ ਮੱਕੀ ਦੀ ਫਸਲ ਬੀਜ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਤੇ ਕੌਮੀ ਜਨਰਲ ਸਕੱਤਰ ਸੁੱਖ ਗਿੱਲ ਤੋਤਾ ਸਿੰਘ ਵਾਲਾ ਨੇ ਦੱਸਿਆ ਕਿ ਕਿਸਾਨਾਂ ਨੂੰ ਮੂੰਗੀ ਤੇ ਮੱਕੀ ਦੀ ਫ਼ਸਲ ਲੈ ਕੇ ਮੰਡੀ ਵਿੱਚ ਬੈਠਿਆਂ ਨੂੰ ਪੰਜ ਤੋਂ ਸੱਤ ਦਿਨ ਹੋ ਗਏ ਹਨ ਪਰ ਸਰਕਾਰ ਵੱਲੋਂ ਕੋਈ ਵੀ ਅਧਿਕਾਰੀ ਮੂੰਗੀ ਤੇ ਮੱਕੀ ਦੀ ਸਰਕਾਰੀ ਖ਼ਰੀਦ ਕਰਨ ਨਹੀਂ ਪਹੁੰਚਿਆ, ਜਿਸ ਕਾਰਨ ਵਪਾਰੀ ਆਪਣੀ ਮਰਜ਼ੀ ਅਨੁਸਾਰ ਮੂੰਗੀ 5500 ਤੋਂ ਲੈ ਕੇ 6300 ਤੇ ਮੱਕੀ 1300 ਤੋਂ ਲੈ ਕੇ 1500 ਤੱਕ ਖਰੀਦ ਰਹੇ ਹਨ ਜਦੋਂਕਿ ਮੂੰਗੀ ਦੀ ਐਮਐਸਪੀ 7755 ਤੇ ਮੱਕੀ ਦਾ 2090 ਰੁਪਏ ਤੈਅ ਹੈ।