Punjab News: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਸਿੱਖਿਆ ਦੇ ਨਾਂ ’ਤੇ ਧੋਖਾਧੜੀ ਦੇ ਸ਼ਿਕਾਰ ਪੰਜਾਬੀ ਨੌਜਵਾਨਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਨਾਲ ਵਿਚਾਰ ਕੇ ਇਸ ਦਾ ਹੱਲ਼ ਕੱਢਿਆ ਜਾਏ। ਉਨ੍ਹਾਂ ਕਿਹਾ ਹੈ ਕਿ ਪਹਿਲਾਂ 700 ਵਿਦਿਆਰਥੀਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਸਾਹਮਣੇ ਆਇਆ ਹੈ ਕਿ 200 ਹੋਰ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਹੋਇਆ ਹੈ।


ਹਾਸਲ ਜਾਣਕਾਰੀ ਮੁਤਾਬਕ ਹਰਸਿਮਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ ਸਿੱਖਿਆ ਦੇ ਨਾਂ ’ਤੇ ਧੋਖਾਧੜੀ ਦੇ ਸ਼ਿਕਾਰ ਪੰਜਾਬੀ ਨੌਜਵਾਨਾਂ ਦਾ ਮਾਮਲਾ ਕੈਨੇਡਿਆਈ ਅਧਿਕਾਰੀਆਂ ਕੋਲ ਚੁੱਕਿਆ ਜਾਵੇ। ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਰਾਹੀਂ ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਕੇਸ ਹਮਦਰਦੀ ਨਾਲ ਵਿਚਾਰੇ ਜਾਣੇ ਚਾਹੀਦੇ ਹਨ, ਖਾਸ ਕਰਕੇ ਜਿਨ੍ਹਾਂ ਵਿਦਿਆਰਥੀਆਂ ਨੇ ਆਪਣੇ ਹੁਨਰ ਨਾਲ ਡਿਗਰੀਆਂ ਹਾਸਲ ਕਰ ਕੇ ਸਥਾਈ ਨਾਗਰਿਕਤਾ ਲਈ ਲੋੜੀਂਦੀਆਂ ਯੋਗਤਾ ਸ਼ਰਤਾਂ ਪੂਰੀਆਂ ਕਰ ਲਈਆਂ ਹਨ। 



ਉਨ੍ਹਾਂ ਮੰਗ ਕੀਤੀ ਕਿ ਅਜਿਹੇ ਵਿਦਿਆਰਥੀਆਂ ਨੂੰ ਬਿਨਾਂ ਰੁਕਾਵਟ ਸਥਾਈ ਨਾਗਰਿਕਤਾ ਮਿਲਣੀ ਚਾਹੀਦੀ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ ਜਿੱਥੇ ਪਹਿਲਾਂ 700 ਵਿਦਿਆਰਥੀਆਂ ਨੂੰ ਇਸੇ ਆਧਾਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਹੁਣ ਇਹ ਸਾਹਮਣੇ ਆਇਆ ਹੈ ਕਿ 200 ਹੋਰ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਨੇ ਵਾਪਸ ਭੇਜੇ ਜਾਣ ਦੇ ਨੋਟਿਸ ਜਾਰੀ ਕੀਤੇ ਹਨ। 


ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਪੰਜਾਬ ਦਾ ਹੀ ਇੱਕ ਏਜੰਟ ਇਸ ਜਾਅਲਸਾਜ਼ੀ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਹੈ ਜਿਸ ਨੇ ਕੈਨੇਡੀਅਨ ਕਾਲਜਾਂ ਦੇ ਫਰਜ਼ੀ ਦਾਖ਼ਲਾ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੱਕ ਨਾਮੀਂ ਕਾਲਜ ਦੇ ਨਾਂ ’ਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਉਗਰਾਹ ਕੇ ਬੱਚਿਆਂ ਨੂੰ ਫਰਜ਼ੀ ਚਿੱਠੀਆਂ ਜਾਰੀ ਕੀਤੀਆਂ ਗਈਆਂ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।