Punjab News: ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਪੰਜਾਬ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਪੈਟਰੋਲ ਪੰਪ ਡ੍ਰਾਈ ਹੋਣ ਲੱਗੇ ਹਨ। ਸ਼ਹਿਰਾਂ ਵਿੱਚ ਸਬਜ਼ੀਆਂ, ਫਲਾਂ ਤੇ ਅੰਡਿਆਂ ਦੀਆਂ ਕੀਮਤਾਂ ਵਧਣ ਲੱਗੀਆਂ ਹਨ। ਇਸ ਲਈ ਲੋਕਾਂ ਵਿੱਚ ਸਹਿਮ ਹੈ। ਉਂਝ ਟਰੱਕ ਡਰਾਈਵਰਾਂ ਦੀ ਹੜਤਾਲ ਕੱਲ੍ਹ ਤੱਕ ਹੀ ਹੈ। ਜੇਕਰ ਹੜਤਾਲ ਖੁੱਲ੍ਹ ਜਾਂਦੀ ਹੈ ਤਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। 



ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਪੰਜਾਬ ਦੇ 4100 ਪੈਟਰੋਲ ਪੰਪਾਂ ਵਿੱਚੋਂ 30% ਬੀਤੀ ਰਾਤ ਹੀ ਖਾਲੀ ਹੋ ਗਏ ਸਨ। ਕਈ ਪੈਟਰੋਲ ਪੰਪਾਂ 'ਤੇ ਸਿਰਫ਼ ਇੱਕ ਦਿਨ ਦਾ ਤੇਲ ਬਚਿਆ ਹੈ, ਜੋ ਅੱਜ ਸ਼ਾਮ ਤੱਕ ਵਿਕ ਜਾਵੇਗਾ। ਇਸ ਲਈ ਕੱਲ੍ਹ ਨੂੰ ਪੈਟਰੋਲ-ਡੀਜ਼ਲ ਦੀ ਕਿੱਲਤ ਮਹਿਸੂਸ ਹੋ ਸਕਦੀ ਹੈ। ਪੈਟਰੋਲ ਪੰਪ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਹੜਤਾਲ ਖਤਮ ਨਾ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।



ਦਰਅਸਲ ਪੰਜਾਬ ਦੇ ਪੈਟਰੋਲ ਪੰਪਾਂ ਨੂੰ ਮੁੱਖ ਤੌਰ 'ਤੇ ਬਠਿੰਡਾ, ਜਲੰਧਰ ਤੇ ਸੰਗਰੂਰ ਤੋਂ ਤੇਲ ਸਪਲਾਈ ਕੀਤਾ ਜਾਂਦਾ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਪਿਕਅੱਪ ਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਜਦੋਂ ਕਿ ਤੇਲ ਕੰਪਨੀਆਂ ਦੇ ਵੀ ਆਪਣੇ ਵਾਹਨ ਹਨ। ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਦੀ ਢੋਆ-ਢੁਆਈ ਕਰਨ ਤੋਂ ਅਸਮਰਥ ਹਨ। ਹੜਤਾਲੀ ਡਿਪੂਆਂ ਤੋਂ ਤੇਲ ਨਹੀਂ ਭਰਨ ਦੇ ਰਹੇ।


ਦੱਸ ਦਈਏ ਕਿ ਅਪਰੇਟਰ ਤੇ ਡਰਾਈਵਰ ਨਵੇਂ ਕਾਨੂੰਨ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦੇ ਜੁਰਮਾਨੇ ਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਦਾ ਵਿਰੋਧ ਕਰ ਰਹੇ ਹਨ। ਇਸ ਕਾਨੂੰਨ ਦਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਟਰੱਕ ਯੂਨੀਅਨ ਦੀ ਅਗਲੀ ਮੀਟਿੰਗ 10 ਜਨਵਰੀ ਨੂੰ ਹੋਵੇਗੀ। ਇਸ ਵਿੱਚ ਫੈਸਲਾ ਲਿਆ ਜਾਵੇਗਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦਾ ਪੱਖ ਸਰਕਾਰ ਅੱਗੇ ਕਿਵੇਂ ਪੇਸ਼ ਕਰਨਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।